ਭਾਜਪਾ ਸਰਕਾਰ ਜ਼ੁਲਮ ਕਮਾ ਰਹੀ : ਬਲਤੇਜ ਪੰਨੂ

0
7

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ।ਉਨ੍ਹਾ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ ‘ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠ ਕਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ‘ਚ ਪੰਨੂ ਨੇ ਕਿਹਾ ਕਿ ਦਿੱਲੀ ਪ੍ਰਦਰਸ਼ਨ ਦੌਰਾਨ 13 ਅਤੇ 14 ਸਾਲ ਦੀਆਂ ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਉਨ੍ਹਾ ਕਿਹਾ ਕਿ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਅਤੇ ਕਈ ਅਜੇ ਵੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।ਇਹ ਬੇਰਹਿਮ ਪ੍ਰਤੀਕਿਰਿਆ ਭਾਜਪਾ ਸਰਕਾਰ ਦੀ ਵਿਦਿਆਰਥੀ ਵਿਰੋਧੀ ਸੋਚ ਨੂੰ ਉਜਾਗਰ ਕਰਦੀ ਹੈ। ਉਨ੍ਹਾ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਇਸ ਗੱਲੋਂ ਵੀ ਸਖ਼ਤ ਆਲੋਚਨਾ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਸ਼ਾਂਤਮਈ ਢੰਗ ਨਾਲ ਪੇਸ਼ ਕਰਨ ਲਈ ਦਿੱਲੀ ਜਾਣ ਤੋਂ ਰੋਕ ਰਹੀਆਂ ਹਨ। ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਿਆ ਗਿਆ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਲਗਾਤਾਰ ਪੰਜਾਬ ਆਉਂਦੇ ਹਨ ਅਤੇ ਕਿਸਾਨਾਂ ਨਾਲ ਖੜ੍ਹਨ ਦਾ ਦਾਅਵਾ ਕਰਦੇ ਹਨ, ਪਰ ਉਹੀ ਡਬਲ ਇੰਜਣ ਸਰਕਾਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਜਮਹੂਰੀ ਹੱਕ ਨੂੰ ਰੋਕ ਰਹੀ ਹੈ।