ਰਾਸ਼ਨ ਕਾਰਡ ਸਕੀਮ ‘ਚ 10 ਲੱਖ ਨਵੇਂ ਲੋਕ ਹੋਣਗੇ ਸ਼ਾਮਲ : ਮਾਨ

0
4

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਰਾਸ਼ਨ ਕਾਰਡ ਸਕੀਮ ਵਿਚ ਲਗਭਗ 10 ਲੱਖ ਨਵੇਂ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ‘ਕੋਈ ਨਕਦੀ ਨਹੀਂ, ਕੋਈ ਮੰਗ ਨਹੀਂ’ ਦੇ ਸਿਧਾਂਤ ‘ਤੇ ਆਧਾਰਤ ਇਕ ਪੂਰੀ ਤਰ੍ਹਾਂ ਡਿਜੀਟਲ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਇਸ ਪ੍ਰਕ੍ਰਿਆ ਤਹਿਤ ਲੋੜਵੰਦ ਪਰਵਾਰਾਂ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਦੇ ਨਾਲ-ਨਾਲ ਕਮਜ਼ੋਰ ਸਮੂਹਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਹੋਵੇਗਾ। ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਵਿੱਚ ਸੋਧ ਕੀਤੀ ਜਾ ਸਕਦੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਜਿਹੜੇ ਸੁਝਾਅ ਦਿੱਤੇ ਸਨ, ਉਸ ਬਾਰੇ ਐਡਵੋਕੇਟ ਜਨਰਲ ਨਾਲ ਸਲਾਹ ਕੀਤੀ ਜਾਵੇਗੀ। ਐਡਵੋਕੇਟ ਜਨਰਲ ਨਾਲ ਸਲਾਹ ਤੋਂ ਬਾਅਦ ਹੀ ਸੋਧ ਕੀਤੀ ਜਾਵੇਗੀ।