ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ ਕਾਂਗਰਸੀਆਂ ਨੇ ਕੀਤਾ : ਬਲਤੇਜ ਪੰਨੂ

0
6

ਚੰਡੀਗੜ੍ਹ, (ਨ ਜ਼ ਸ) : ਆਮ ਆਦਮੀ ਪਾਰਟੀ ਪੰਜਾਬ ਨੇ ਮੰਗਲਵਾਰ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਚੱਲ ਰਹੀ ਬੱਸ ‘ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵੱਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੁਖਲਾ ਗਏ ਹਨ।
‘ਆਪ’ ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਗੁਰਪਿੰਦਰ ਸਿੰਘ ਉਰਫ਼ ਲਾਲੀ ਅਤੇ ਬਲਜੀਤ ਸਿੰਘ ਸ਼ੀਸ਼ਾ ਦੇ ਸੰਬੰਧ ਕਾਂਗਰਸ ਨਾਲ ਹਨ। ਕਾਂਗਰਸ ਨਾਲ ਜੁੜੇ ਦੋ ਹੋਰ ਵਿਅਕਤੀਆਂ ਸੰਨੀ ਅਤੇ ਹਰਪ੍ਰੀਤ ਸਿੰਘ ਨੇ ਦੋਸ਼ੀਆਂ ਨੂੰ ਛੁਡਵਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਰੋਕਣ ਲਈ ਪੁਲਸ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾ ਕਿਹਾ ਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀਆਂ ਨੂੰ ਕਿਸ ਨੇ ਉਕਸਾਇਆ ਸੀ ਅਤੇ ਇਸ ਹਮਲੇ ਪਿੱਛੇ ਕੀ ਵੱਡੀ ਸਾਜ਼ਿਸ਼ ਸੀ। ਖਿੰਡਾ ਨੇ ਦੱਸਿਆ ਕਿ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਸਮੇਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ 3.5 ਲੱਖ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰਿਦੁਆਰ, ਰਿਸ਼ੀਕੇਸ਼, ਮਥੁਰਾ, ਵ੍ਰਿੰਦਾਵਨ, ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਵੀ ਧਾਰਮਿਕ ਯਾਤਰਾ ਸੇਵਾਵਾਂ ਸ਼ੁਰੂ ਕਰੇਗੀ।