ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦਾ ਸਮਾਂ ਵਧਾਇਆ

0
4

ਚੰਡੀਗੜ੍ਹ (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ)-ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ‘ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ ‘ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬੈਂਸ ਨੇ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਕੂਲ ਸਿੱਖਿਆ ਵਿੱਚ ਡਿਜੀਟਲ ਸੁਧਾਰ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਸਦਕਾ ਕਿਸੇ ਵੀ ਵਿਦਿਆਰਥੀ ਨੂੰ ਦਫਤਰੀ ਕਾਰਵਾਈ ਕਾਰਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿੱਖਿਆ ਮੰਤਰੀ ਨੇ ਸਾਰੇ ਸਕੂਲ ਮੁਖੀਆਂ ਨੂੰ ਮਾਪਿਆਂ ਨਾਲ ਤਾਲਮੇਲ ਕਰਨ ਤੋਂ ਇਲਾਵਾ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇ।