ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦਾ ਸਵਾਗਤ ਕਰਦਿਆਂ ਇਸ ਨੂੰ ਨੀਟ ਪੇਪਰ ਲੀਕ ਖ਼ਿਲਾਫ਼ ਸੰਘਰਸ਼ ਕਰ ਰਹੇ ਲੱਖਾਂ ਵਿਦਿਆਰਥੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਹਾਲਾਂ ਕਿ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਜਵਾਬਦੇਹੀ ਦੀ ਇਹ ਲੜਾਈ ਅਜੇ ਖ਼ਤਮ ਨਹੀਂ ਹੋਈ। ਕਾਂਗਰਸ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਭਵਿੱਖ ਨਾਲ ਹੋਏ ਖਿਲਵਾੜ ਲਈ ਨੌਜਵਾਨਾਂ ਤੋਂ ਮਾਫ਼ੀ ਮੰਗਣ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਹੋਏ ਪੁਲਸ ਤੱਸ਼ਦਦ ਲਈ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਆਖ਼ਰਕਾਰ ਵਿਦਿਆਰਥੀਆਂ ਦੀ ਆਵਾਜ਼ ਨੇ ਇੱਕ ‘ਅਹੰਕਾਰੀ ਸਰਕਾਰ’ ਦੇ ਕੰਨਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ। ਉਨ੍ਹਾ ਕਿਹਾ ਕਿ ਇਹ ਅਸਤੀਫ਼ਾ ਪ੍ਰਧਾਨ ਮੰਤਰੀ ਮੋਦੀ ਦੀ ਜ਼ਿੱਦ ‘ਤੇ ਸੱਚ ਦੀ ਜਿੱਤ ਹੈ ਅਤੇ ਉਨ੍ਹਾਂ ਲੱਖਾਂ ਪਰਵਾਰਾਂ ਦਾ ਇਨਸਾਫ਼ ਹੈ, ਜਿਨ੍ਹਾਂ ਦੇ ਬੱਚਿਆਂ ਨੇ ਖ਼ਰਾਬ ਪ੍ਰੀਖਿਆ ਪ੍ਰਣਾਲੀ ਕਾਰਨ ਆਪਣੀਆਂ ਜਾਨਾਂ ਗੁਆਈਆਂ ਹਨ। ਖੜਗੇ ਨੇ ਮੰਗ ਕੀਤੀ ਕਿ ਅੰਦੋਲਨ ਦੌਰਾਨ ਵਿਦਿਆਰਥੀਆਂ ‘ਤੇ ਲਾਠੀਚਾਰਜ ਅਤੇ ਪੈਲੇਟ ਗੰਨ ਚਲਾਉਣ ਵਾਲੇ ਅਧਿਕਾਰੀਆਂ ‘ਤੇ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ। ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ ਨੇ ਅਸਤੀਫ਼ੇ ਨੂੰ ‘ਭਾਰਤ ਦੇ ਯੂਥ ਦੀ ਜਿੱਤ’ ਦੱਸਦਿਆਂ ਕਿਹਾ ਕਿ ਰਾਹੁਲ ਗਾਂਧੀ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੇ ਨਾਲ ਚਟਾਨ ਵਾਂਗ ਖੜ੍ਹੇ ਰਹੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਵਿਦਿਆਰਥੀਆਂ ਦੇ ਅਟੱਲ ਦਬਾਅ ਨੇ ਸਰਕਾਰ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕੀਤਾ। ਰਮੇਸ਼ ਨੇ ਦੋਸ਼ ਲਾਇਆ ਕਿ ਧਰਮੇਂਦਰ ਪ੍ਰਧਾਨ ਨੇ ਹਮੇਸ਼ਾ ਪੇਪਰ ਲੀਕ ਨੂੰ ਮਹਿਜ਼ ‘ਗੜਬੜੀ’ ਦੱਸ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੰਸਦੀ ਕਮੇਟੀ ਦੀਆਂ ਸੁਧਾਰ ਸਿਫ਼ਾਰਸ਼ਾਂ ਨੂੰ ਵੀ ਅਣਦੇਖਾ ਕੀਤਾ।





