ਮੋਗਾ (ਇਕਬਾਲ ਸਿੰਘ ਖਹਿਰਾ)
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਦੀ ਜ਼ਿਲ੍ਹਾ ਐਗਜ਼ੈਕਟਿਵ ਦੀ ਮਹੱਤਵਪੂਰਨ ਮੀਟਿੰਗ ਗੁਰਮੀਤ ਸਿੰਘ ਵਾਂਦਰ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ। ਮੀਟਿੰਗ ਦੌਰਾਨ ਦੇਸ਼ ਅਤੇ ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਅਤੇ ਰਾਜਨੀਤਕ ਹਾਲਾਤ ਉੱਤੇ ਗੰਭੀਰ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਲੋਕ-ਪੱਖੀ ਸੋਚ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਿਸਥਾਰਪੂਰਵਕ ਰਣਨੀਤੀ ਉੱਤੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਜਗਰੂਪ ਨੇ ਕਿਹਾ ਕਿ ਦੁਨੀਆ ਤੇਜ਼ੀ ਨਾਲ ਤਕਨੀਕੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਹੀ ਹੈ। ਅੱਜ ਪੈਦਾਵਾਰ ਦੇ ਸਾਧਨ ਨਕਲੀ ਬੁੱਧੀ (ਆਰਟੀਫਿਸ਼ੀਅਲ ਇੰਟੈਲੀਜਂੈਸੀ) ਤੱਕ ਪਹੁੰਚ ਚੁੱਕੇ ਹਨ ਅਤੇ ਮਸ਼ੀਨਾਂ ਤੇ ਰੋਬੋਟਾਂ ਦੀ ਵਰਤੋਂ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਮਨੁੱਖੀ ਕਿਰਤ ਦੀ ਲੋੜ ਘਟਦੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ, ਸਿਹਤ, ਕਾਨੂੰਨ ਅਤੇ ਹੋਰ ਕਈ ਖੇਤਰਾਂ ਵਿੱਚ ਏ ਆਈ ਅਧਾਰਿਤ ਤਕਨੀਕਾਂ ਵੱਡਾ ਦਖ਼ਲ ਦੇਣਗੀਆਂ ਅਤੇ ਰਵਾਇਤੀ ਰੁਜ਼ਗਾਰ ਦੇ ਮੌਕੇ ਪ੍ਰਭਾਵਤ ਹੋ ਸਕਦੇ ਹਨ। ਅਜਿਹੇ ਹਾਲਾਤ ਵਿੱਚ ਸਮਾਜ ਵਿੱਚ ਬਰਾਬਰੀ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਉਣ ਲਈ ਮਾਰਕਸਵਾਦੀ ਫ਼ਲਸਫ਼ੇ ਤੋਂ ਸੇਧ ਲੈਣ ਦੀ ਲੋੜ ਹੋਰ ਵੀ ਵੱਧ ਜਾਂਦੀ ਹੈ।ਉਨ੍ਹਾ ਕਿਹਾ ਕਿ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ ਦੀ ਬਜਾਏ ਲੋਕ ਸੰਘਰਸ਼ਾਂ ਨੂੰ ਦਬਾਉਣ ਦੀ ਨੀਤੀ ਅਪਣਾ ਰਹੀਆਂ ਹਨ। ਉਨ੍ਹਾ ਵਿਦਿਆਰਥੀਆਂ, ਬਿਜਲੀ ਮੁਲਾਜ਼ਮਾਂ, ਨਰੇਗਾ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਸੰਘਰਸ਼ਸ਼ੀਲ ਵਰਗਾਂ ਉੱਤੇ ਕੀਤੇ ਗਏ ਲਾਠੀਚਾਰਜ ਅਤੇ ਪੁਲਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਜਿਸ ਨੂੰ ਬਲ ਪ੍ਰਯੋਗ ਨਾਲ ਦਬਾਇਆ ਨਹੀਂ ਜਾ ਸਕਦਾ।
ਮੀਟਿੰਗ ਦੌਰਾਨ 1 ਸਤੰਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਿੰਡ ਅਤੇ ਸ਼ਹਿਰ ਪੱਧਰ ‘ਤੇ ਲੋਕ ਸੰਪਰਕ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ 28 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਸੰਘਰਸ਼ ਦੇ ਸਮਰਥਨ ਵਿੱਚ ਮੋਗਾ ਦੇ ਮੇਨ ਚੌਂਕ ਵਿੱਚ ਨੌਜਵਾਨਾਂ ਵੱਲੋਂ ਲਗਾਏ ਜਾਣ ਵਾਲੇ ‘ਮਿੰਨੀ ਜੰਤਰ-ਮੰਤਰ’ ਅਤੇ 24 ਘੰਟਿਆਂ ਦੀ ਭੁੱਖ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕਿਹਾ ਗਿਆ ਕਿ ਵਿਦਿਆਰਥੀਆਂ, ਨੌਜਵਾਨਾਂ, ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਚੱਲ ਰਹੇ ਹਰ ਜਮਹੂਰੀ ਸੰਘਰਸ਼ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।
ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾਵੇਗਾ ਅਤੇ ਮਹਿੰਗਾਈ, ਬੇਰੁਜ਼ਗਾਰੀ, ਨਿੱਜੀਕਰਨ, ਸਮਾਜਿਕ ਅਸਮਾਨਤਾ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਉੱਤੇ ਵਿਆਪਕ ਜਨ-ਅੰਦੋਲਨ ਖੜ੍ਹਾ ਕੀਤਾ ਜਾਵੇਗਾ।
ਇਸ ਮੌਕੇ ਸੁਖਜਿੰਦਰ ਮਹੇਸਰੀ, ਜਗਜੀਤ ਸਿੰਘ ਨਿਹਾਲ ਸਿੰਘ ਵਾਲਾ, ਜਗਦੀਸ਼ ਚਾਹਲ, ਜਗਸੀਰ ਖੋਸਾ, ਗੁਰਦਿੱਤ ਸਿੰਘ ਦੀਨਾਂ, ਸ਼ੇਰ ਸਿੰਘ ਦੌਲਤਪੁਰਾ, ਡਾ. ਇੰਦਰਵੀਰ ਗਿੱਲ, ਬਲਵਿੰਦਰ ਸਿੰਘ ਬੁੱਧ ਸਿੰਘ ਵਾਲਾ, ਇੰਜ. ਸਵਰਨ ਸਿੰਘ ਖੋਸਾ, ਮੁਖਤਿਆਰ ਸਿੰਘ, ਸੁਖਦੇਵ ਭੋਲਾ, ਮਹਿੰਦਰ ਸਿੰਘ ਧੂੜਕੋਟ, ਇੰਦਰਜੀਤ ਦੀਨਾ ਸਮੇਤ ਹੋਰ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।





