ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਉਨ੍ਹਾ ਇਹ ਫੈਸਲਾ ਨੀਟ-ਯੂ ਜੀ ਪ੍ਰੀਖਿਆ ਵਿੱਚ ਬੇਨਿਯਮੀਆਂ ਨੂੰ ਲੈ ਕੇ ਦੇਸ਼-ਵਿਆਪੀ ਵਿਵਾਦ ਅਤੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ( ਸੀ ਜੇ ਪੀ) ਦੀ ਅਗਵਾਈ ‘ਚ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਲਿਆ ਹੈ। ਅੰਦੋਲਨਕਾਰੀ ਵਿਦਿਆਰਥੀਆਂ ਦੀ ਮੁੱਖ ਮੰਗ ਸਿੱਖਿਆ ਮੰਤਰੀ ਦਾ ਅਸਤੀਫਾ ਸੀ ਤੇ ਸੀ ਜੇ ਪੀ ਦੇ ਆਗੂਆਂ ਨੇ ਪਿਛਲੇ ਦਿਨੀਂ ਹੋਈਆਂ ਮੀਟਿੰਗਾਂ ਤੇ ਗੱਲਬਾਤ ਦੌਰਾਨ ਸਪੱਸ਼ਟ ਕਰ ਦਿੱਤਾ ਸੀ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ‘ਤੇ ਕਿਸੇ ਵੀ ਹਾਲਤ ਵਿਚ ਸਮਝੌਤਾ ਨਹੀਂ ਕੀਤਾ ਜਾਵੇਗਾ।
ਧਰਮਿੰਦਰ ਪ੍ਰਧਾਨ ਨੇ ਸੋਸ਼ਲ ਮੀਡੀਆ ‘ਤੇ ਅਸਤੀਫੇ ਦਾ ਐਲਾਨ ਕੀਤਾ ਅਤੇ ਆਪਣੇ ਅਸਤੀਫ਼ੇ ਦਾ ਕਾਰਨ ਦੱਸਿਆ। ਆਪਣੇ ਪੱਤਰ ਵਿੱਚ ਉਨ੍ਹਾ ਲਿਖਿਆ ਕਿ ਚਾਰ ਦਹਾਕਿਆਂ ਦੇ ਵੱਧ ਸਮੇਂ ਤੋਂ ਉਹ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਅਕ ਸੁਧਾਰਾਂ ਲਈ ਸਮਰਪਤ ਰਹੇ ਹਨ। ਉਨ੍ਹਾ ਦਾ ਹਮੇਸ਼ਾ ਮੰਨਣਾ ਹੈ ਕਿ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਦੂਰਦਰਸ਼ੀ ਸਿੱਖਿਆ ਪ੍ਰਣਾਲੀ ਕਿਸੇ ਵੀ ਦੇਸ਼ ਦੇ ਵਿਕਾਸ ਦਾ ਨੀਂਹ ਪੱਥਰ ਹੈ। ਧਰਮਿੰਦਰ ਪ੍ਰਧਾਨ ਨੇ ਕਿਹਾ, ‘3 ਮਈ, 2026 ਨੂੰ ਹੋਈ ਨੀਟ-ਯੂ ਜੀ ਪ੍ਰੀਖਿਆ ਵਿੱਚ ਬੇਨਿਯਮੀਆਂ ਸੰਬੰਧੀ ਸ਼ਿਕਾਇਤਾਂ ਸਾਹਮਣੇ ਆਉਂਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਮਾਮਲਾ ਜਾਂਚ ਲਈ ਸੀ ਬੀ ਆਈ ਨੂੰ ਸੌਂਪ ਦਿੱਤਾ ਗਿਆ, ਪ੍ਰੀਖਿਆ ਰੱਦ ਕਰਨ ਅਤੇ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫੈਸਲਾ ਲਿਆ ਗਿਆ ਅਤੇ ਇਹ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਤੋਂ ਨੀਟ ਪੂਰੀ ਤਰ੍ਹਾਂ ਕੰਪਿਊਟਰ-ਅਧਾਰਤ ਟੈਸਟ (ਸੀ ਬੀ ਟੀ) ਮੋਡ ਵਿੱਚ ਆਯੋਜਿਤ ਕੀਤਾ ਜਾਵੇਗਾ।’ ਉਨ੍ਹਾ ਲਿਖਿਆ ਕਿ 20 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਪ੍ਰੀਖਿਆ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਉਨ੍ਹਾ ਦੀ ਪ੍ਰਮੁੱਖ ਤਰਜੀਹ ਸੀ। ਇਸ ਮੰਤਵ ਲਈ ਕੇਂਦਰ ਸਰਕਾਰ, ਰਾਜ ਸਰਕਾਰਾਂ, ਜ਼ਿਲ੍ਹਾ ਪ੍ਰਸ਼ਾਸਨ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ 21 ਜੂਨ ਨੂੰ ਮੁੜ ਪ੍ਰੀਖਿਆ ਸਫਲਤਾਪੂਰਵਕ ਕਰਵਾਈ ਗਈ। 16 ਜੁਲਾਈ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਗਰੀਬ ਅਤੇ ਪੱਛੜੇ ਪਰਵਾਰਾਂ ਦੇ ਬਹੁਤ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ, ਹਾਲਾਂ ਕਿ ਜ਼ਿੰਮੇਵਾਰ ਅਹੁਦਿਆਂ ‘ਤੇ ਬੈਠੇ ਕੁਝ ਵਿਅਕਤੀਆਂ ਦੁਆਰਾ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਤੋਂ ਉਹ ਬਹੁਤ ਦੁਖੀ ਸਨ। ਆਪਣੇ ਅਸਤੀਫ਼ੇ ਬਾਰੇ ਪ੍ਰਧਾਨ ਨੇ ਕਿਹਾ ਕਿ ਪਿਛਲੇ 10 ਦਿਨਾਂ ਦੀਆਂ ਘਟਨਾਵਾਂ ਨੇ ਉਨ੍ਹਾ ਨੂੰ ਬਹੁਤ ਦੁਖੀ ਕੀਤਾ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਇਹ ਉਨ੍ਹਾ ਦੇ ਨਿੱਜੀ ਸਨਮਾਨ ਦਾ ਮਾਮਲਾ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਸੰਬੰਧਤ ਸਵਾਲ ਹੈ। ਉਨ੍ਹਾ ਕਿਹਾ ਕਿ ਉਹ ਨਹੀਂ ਚਾਹੁੰਦੇ ਸਨ ਕਿ ਵਿਦਿਆਰਥੀਆਂ ਦਾ ਭਵਿੱਖ ਕਾਨੂੰਨੀ ਵਿਵਾਦਾਂ ਅਤੇ ਰਾਜਨੀਤਕ ਟਕਰਾਵਾਂ ਵਿੱਚ ਫਸੇ ਜਾਂ ਉਨ੍ਹਾਂ ਦਾ ਧਿਆਨ ਉਨ੍ਹਾਂ ਦੀ ਪੜ੍ਹਾਈ ਤੋਂ ਭਟਕ ਜਾਵੇ। ਇਸੇ ਭਾਵਨਾ ਨਾਲ ਉਨ੍ਹਾ ਅਹੁਦਾ ਛੱਡਣ ਦਾ ਫੈਸਲਾ ਕੀਤਾ। ਪੱਤਰ ਦੇ ਅੰਤ ਵਿੱਚ ਧਰਮਿੰਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗ-ਦਰਸ਼ਨ ਦੇ ਨਾਲ-ਨਾਲ ਮੰਤਰੀ ਪ੍ਰੀਸ਼ਦ ਵਿੱਚ ਆਪਣੇ ਸਾਥੀਆਂ ਅਤੇ ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਅਤੇ ਸਟਾਫ ਦੇ ਸਮਰਥਨ ਲਈ ਧੰਨਵਾਦ ਕੀਤਾ।





