ਬਠਿੰਡਾ : ਦਿੱਲੀ ਦੇ ਜੰਤਰ-ਮੰਤਰ ‘ਚ ਚੱਲ ਰਿਹਾ ਧਰਨਾ ਸ਼ਨੀਵਾਰ ਨੂੰ ਸਮਾਪਤ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਤਵਾਰ ਨੂੰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲਿਆ ਜਾਣਾ ਕਿਸਾਨਾਂ ਦੇ ਉਸ ਦਬਾਅ ਦਾ ਨਤੀਜਾ ਹੈ, ਜਿਸ ਤਹਿਤ ਕਿਸਾਨਾਂ ਨੇ 27 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚ ਕੇ ਅੰਦੋਲਨ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।
ਉਗਰਾਹਾਂ ਨੇ ਇਸ ਸਫ਼ਲਤਾ ਦਾ ਸਿਹਰਾ ਪ੍ਰਦਰਸ਼ਨਕਾਰੀਆਂ ਦੇ ਸਿਰ ਬੰਨ੍ਹਦਿਆਂ ਇੱਕ ਵੀਡੀਓ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਦੇ ਉਲੀਕੇ ਪ੍ਰੋਗਰਾਮ ਅਨੁਸਾਰ 27 ਜੁਲਾਈ ਨੂੰ ਪੰਜਾਬ ਦੇ ਸਮੁੱਚੇ ਜ਼ਿਲ੍ਹਾ ਹੈੱਡਕੁਆਰਟਰਾਂ ‘ਚ ਜਿੱਤ ਦੇ ਜਸ਼ਨ ਮਨਾਉਣ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ 27 ਜੁਲਾਈ ਦੇ ਪ੍ਰਸਤਾਵਿਤ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਸੀ, ਜਿਸ ਦੇ ਤਹਿਤ ਰਾਸ਼ਨ ਦਾ ਸਾਮਾਨ ਇਕੱਠਾ ਕੀਤਾ ਜਾ ਰਿਹਾ ਸੀ ਅਤੇ ਵਾਹਨਾਂ ਦਾ ਪ੍ਰਬੰਧ ਵੀ ਕਰ ਲਿਆ ਗਿਆ ਸੀ।




