ਬਿਜਲੀ ਮੁਲਾਜ਼ਮ ਹੜਤਾਲ ਖਤਮ ਕਰਨ : ਅਮਨ ਅਰੋੜਾ

0
6

ਸੁਨਾਮ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ ) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਅਤੇ ਕਰਮਚਾਰੀ ਯੂਨੀਅਨਾਂ ਦੀ ਮੰਗ ‘ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਇੱਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਲੰਬਿਤ ਮੰਗਾਂ ‘ਤੇ ਵਿਚਾਰ ਕਰ ਰਹੀ ਹੈ।
ਉਨ੍ਹਾ ਭਰੋਸਾ ਦਿਵਾਇਆ ਕਿ ਕਮੇਟੀ ਦੀ ਹਰ ਜਾਇਜ਼ ਸਿਫਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ, ‘ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ 21 ਜੁਲਾਈ ਤੋਂ ਹੜਤਾਲ ‘ਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ, ਖਾਸ ਕਰਕੇ ਸਾਡੇ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਲਵਾਈ ਦਾ ਸੀਜ਼ਨ ਇਸ ਸਮੇਂ ਅਹਿਮ ਮੋੜ ‘ਤੇ ਹੈ ਅਤੇ ਬਿਜਲੀ ਸੇਵਾਵਾਂ ਠੱਪ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸਾਨਾਂ ਤੋਂ ਇਲਾਵਾ ਘਰੇਲੂ ਖਪਤਕਾਰ, ਵਪਾਰੀ, ਸਾਡੀਆਂ ਮਾਵਾਂ-ਭੈਣਾਂ ਅਤੇ ਆਮ ਨਾਗਰਿਕ ਵੀ ਬਿਜਲੀ ਸੇਵਾਵਾਂ ਵਿੱਚ ਵਿਘਨ ਪੈਣ ਕਾਰਨ ਗੰਭੀਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।’