ਨਵੀਂ ਦਿੱਲੀ : ਸੀਨੀਅਰ ਵਕੀਲ ਕਪਿਲ ਸਿੱਬਲ ਨੇ ਐਲਾਨ ਕੀਤਾ ਕਿ ਉਹ ਕੌਕਰੋਚ ਜਨਤਾ ਪਾਰਟੀ ਵੱਲੋਂ ਬਣਾਏ ਗਏ ਫੰਡ ਵਿੱਚ 1 ਕਰੋੜ ਰੁਪਏ ਦਾ ਯੋਗਦਾਨ ਪਾਉਣਗੇ। ਇਹ ਫੰਡ ਹਾਲ ਹੀ ਦੇ ਅੰਦੋਲਨ ਦੌਰਾਨ ਦਿੱਲੀ ਪੁਲਸ ਅਤੇ ਹੋਰਨਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਕਾਇਮ ਕੀਤਾ ਗਿਆ ਹੈ। ਸੀ.ਜੇ.ਪੀ. ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਭਰੋਸੇ ਦੇ ਬਾਵਜੂਦ ਦੇਸ਼ ਭਰ ਵਿੱਚ ਵਿਦਿਆਰਥੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦਾ ਡਰ ਬਣਿਆ ਹੋਇਆ ਹੈ। ਪਾਰਟੀ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਕਾਨੂੰਨੀ ਮਦਦ ਦਿਵਾਉਣ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੇ ਸੰਪਰਕ ਵਿੱਚ ਹੈ। ਸਿੱਬਲ ਨੇ ਵਿੱਤੀ ਮਦਦ ਦੇਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਜਿੱਥੇ ਵੀ ਸ਼ਾਂਤਮਈ ਪ੍ਰਦਰਸ਼ਨ ਹੋਏ ਹਨ, ਚਾਹੇ ਉਹ ਬਿਹਾਰ ਹੋਵੇ, ਅਸਾਮ, ਬੰਗਾਲ ਜਾਂ ਮਹਾਰਾਸ਼ਟਰ ਅਤੇ ਜਿੱਥੇ ਵੀ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਦੇ ਵਕੀਲ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਗੇ। ਸਿੱਬਲ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਕੋਈ ਵੀ ਐੱਫ.ਆਈ.ਆਰ. ਨਹੀਂ ਹੋਣੀ ਚਾਹੀਦੀ ਅਤੇ ਜੇ ਦਰਜ ਹੋ ਚੁੱਕੀਆਂ ਹਨ ਤਾਂ ਉਹ ਵਾਪਸ ਲਈਆਂ ਜਾਣੀਆਂ ਚਾਹੀਦੀਆਂ ਹਨ। ਸਿੱਬਲ ਨੇ ਇਹ ਵੀ ਦੱਸਿਆ ਕਿ ਸੀ.ਜੇ.ਪੀ. ਵੱਲੋਂ ਵੈੱਬਸਾਈਟ ਬਣਾਈ ਜਾਵੇਗੀ, ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਦਾ ਵੇਰਵਾ ਹੋਵੇਗਾ, ਜਿਨ੍ਹਾਂ ‘ਤੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਵੈੱਬਸਾਈਟ ਰਾਹੀਂ ਉਹ ਵਕੀਲ ਵੀ ਜੁੜ ਸਕਣਗੇ, ਜੋ ਬਿਨਾਂ ਕਿਸੇ ਫ਼ੀਸ ਜਾਂ ਹੋਰ ਤਰੀਕੇ ਨਾਲ ਮਦਦ ਕਰਨਾ ਚਾਹੁੰਦੇ ਹਨ।




