ਗੁਜਰਾਤ ’ਚ ‘ਆਪ’ ਦੀ ਸਰਕਾਰ ਬਣਨ ’ਤੇ ਆਉਣਗੇ ‘ਸੱਚੇ ਦਿਨ’ : ਮਾਨ

0
230

ਵਲਸਾਡ (ਗੁਜਰਾਤ), ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ, ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪਛੜਿਆ ਹੈ। ਉਨ੍ਹਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ਸਿਰ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਸੁੱਤੇ ਹੋਏ ਵੀ ਟੈਕਸ ਭਰ ਰਹੇ ਹਨ, ਜਦਕਿ ਭਾਜਪਾ ਦੇ ਦੋਸਤ ਇਸ ਪੈਸੇ ਨੂੰ ਲੁੱਟ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ‘ਆਪ’ ਨੂੰ ਭਾਰੀ ਬਹੁਮਤ ਦੇ ਕੇ ਪੰਜਾਬ ਅਤੇ ਦਿੱਲੀ ਦਾ ਰਿਕਾਰਡ ਤੋੜੇਗਾ। ਲੋਕ ਗੁਜਰਾਤ ਤੋਂ ਭਾਜਪਾ ਨੂੰ ਬਾਹਰ ਦਾ ਰਾਹ ਦਿਖਾਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਮਾਨ ਨੇ ਕਿਹਾ ਕਿ ਦਸੰਬਰ ਵਿੱਚ ‘ਆਪ’ ਸੂਬੇ ਵਿੱਚ ਲੋਕ-ਪੱਖੀ ਸਰਕਾਰ ਬਣਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਭੁਲਾਂਦਰਾ ਹੈ, ਪਰ ਗੁਜਰਾਤ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਆਉਣਗੇ। ਗੁਜਰਾਤ ਵਿੱਚ ਚੋਣਾਂ ਤੋਂ ਬਾਅਦ ਵਿਕਾਸਮੁਖੀ ਸਰਕਾਰ ਆਵੇਗੀ। ਇਹ ਸਰਕਾਰ ਸੂਬੇ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਖਾਹਿਸ਼ਾਂ ’ਤੇ ਖਰਾ ਉਤਰੇਗੀ।
ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਿਰੋਧ ਕਰਦੇ ਆ ਰਹੇ ਹਨ, ਜਦੋਂਕਿ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਦੋਵੇਂ ਹੱਥੀਂ ਖਜ਼ਾਨਾ ਲੁਟਾਇਆ ਹੈ। ਇਨ੍ਹਾਂ ਆਗੂਆਂ ਅਤੇ ਇਨ੍ਹਾਂ ਦੇ ਦਰਬਾਰੀਆਂ ਨੇ ਜਨਤਾ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਆਗੂ ‘ਆਪ’ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਵਿਰੋਧ ਕਰਦੇ ਹਨ।ਕਾਂਗਰਸ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਕਈ ਰਾਜਾਂ ਵਿੱਚ ਕਾਂਗਰਸੀ ਵਿਧਾਇਕ ਖਰੀਦੇ ਹਨ। ਉਨ੍ਹਾ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ, ਪਰ ਕਾਂਗਰਸੀ ਆਗੂਆਂ ਨੇ ਇਸ ਮਾਮਲੇ ਦਾ ਕਿਸੇ ਵੀ ਆਧਾਰ ’ਤੇ ਵਿਰੋਧ ਨਹੀਂ ਕੀਤਾ। ਉਹ ਦਿਨ ਦੂਰ ਨਹੀਂ, ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਦੀ ਤਖਤੀ’ ਨਾਲ ਦਫਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸੇ ਤਰ੍ਹਾਂ ਸਕੂਲਾਂ ਨੂੰ ਆਹਲਾ ਮਿਆਰੀ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਉਹਨਾ ਕਿਹਾ ਕਿ ਗੁਜਰਾਤ ਵਿੱਚ ਰੈਲੀਆਂ ਵਿੱਚ ਜੁੜ ਰਹੀ ਭਾਰੀ ਭੀੜ ਇਸ ਗੱਲ ਦਾ ਪ੍ਰਮਾਣ ਹੈ ਕਿ ਇੱਥੇ ‘ਆਪ’ ਦੀ ਸਰਕਾਰ ਬਣੇਗੀ। ਸੂਬੇ ਵਿੱਚ ਪਾਰਟੀ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਭਾਜਪਾ ਚਿੰਤਤ ਹੈ।
ਉਹਨਾ ਲੋਕਾਂ ਨੂੰ ਇੱਕ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਗੁਜਰਾਤ ਦੀ ਸਿਰਜਣਾ ਲਈ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here