ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

0
3

ਲੁਧਿਆਣਾ
(ਨਵਾਂ ਜ਼ਮਾਨਾ ਸਰਵਿਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ, ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।
ਮੁੱਖ ਮੰਤਰੀ ਨੇ ਨਵੇਂ ਸ਼ੁਰੂ ਕੀਤੇ ‘ਸਕੂਲ ਆਫ਼ ਐਮੀਨੈਂਸ’ ਦੇ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਕਾਫ਼ੀ ਸਮਾਂ ਬਿਤਾਇਆ। ਉਨ੍ਹਾ ਕਲਾਸਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਹੋਰ ਅਕਾਦਮਿਕ ਸਹੂਲਤਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾ ਆਧੁਨਿਕ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ, ਵਿਗਿਆਨਕ ਪ੍ਰਯੋਗਾਂ ਅਤੇ ਸਿੱਖਣ ਦੇ ਤਜਰਬਿਆਂ ਬਾਰੇ ਗੱਲਬਾਤ ਕੀਤੀ। ਮਾਨ ਨੇ ਅਧਿਆਪਕਾਂ ਅਤੇ ਸਕੂਲ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਦੇ ਦੌਰੇ ਦੌਰਾਨ ਕਈ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਉਨ੍ਹਾ ਤੋਂ ਆਟੋਗ੍ਰਾਫ਼ ਮੰਗੇ, ਜਦੋਂ ਕਿ ਕੁਝ ਨੇ ਪਿਆਰ ਅਤੇ ਸਤਿਕਾਰ ਵਜੋਂ ਉਨ੍ਹਾ ਨੂੰ ਆਪਣੇ ਹੱਥਾਂ ਨਾਲ ਬਣਾਏ ਸਕੈੱਚ/ ਪੋਰਟਰੇਟ ਭੇਟ ਕੀਤੇ। ਸਮਾਗਮ ਦੌਰਾਨ ਇੱਕ ਬੱਚੇ ਦੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਮਾਨ ਨੇ ਕਿਹਾ, “’ਕਿਦਵਈ ਨਗਰ ਵਿਖੇ ਸਕੂਲ ਆਫ਼ ਐਮੀਨੈਂਸ 10.62 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ। ਨਵੀਂ ਇਮਾਰਤ 8300 ਵਰਗ ਗਜ਼ ਤੋਂ ਵੱਧ ਖੇਤਰ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 60 ਕਮਰੇ ਹਨ, ਜਿਸ ਵਿੱਚ 27 ਕਲਾਸਰੂਮ, ਸੱਤ ਆਧੁਨਿਕ ਲੈਬਾਂ, ਇੱਕ ਲਾਇਬ੍ਰੇਰੀ, ਪ੍ਰਿੰਸੀਪਲ ਦਾ ਦਫ਼ਤਰ, 500 ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਅਤਿ-ਆਧੁਨਿਕ ਆਡੀਟੋਰੀਅਮ ਅਤੇ ਨੌਂ ਵਾਸ਼ਰੂਮ ਸ਼ਾਮਲ ਹਨ। “ਮਿਲਰ ਗੰਜ ਵਿਖੇ ਸਕੂਲ ਆਫ਼ ਐਮੀਨੈਂਸ 3.48 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਇਆ ਹੈ। ਨਵੀਂ ਇਮਾਰਤ 1800 ਵਰਗ ਗਜ਼ ਤੋਂ ਵੱਧ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 22 ਕਮਰੇ ਹਨ, ਜਿਸ ਵਿੱਚ 11 ਕਲਾਸਰੂਮ, ਸੱਤ ਲੈਬਾਰਟ੍ਰੀਆਂ, ਪ੍ਰਿੰਸੀਪਲ ਦਾ ਦਫ਼ਤਰ ਅਤੇ ਛੇ ਵਾਸ਼ਰੂਮ ਸ਼ਾਮਲ ਹਨ। ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਇੰਦਰਪੁਰੀ, ਲੁਧਿਆਣਾ ਵਿਖੇ ਇੱਕ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਇਮਾਰਤ ਦਾ ਉਦਘਾਟਨ ਕੀਤਾ ਗਿਆ ਸੀ।’
ਮੁੱਖ ਮੰਤਰੀ ਨੇ ਕਿਹਾ—ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ‘ਤੇ ਸੀ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ ਸੂਬੇ ਨੇ ਇਸ ਖੇਤਰ ਵਿੱਚ ਪਹਿਲੇ ਸਥਾਨ ‘ਤੇ ਕਾਬਿਜ਼ ਹੈ। 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਪਰ 2026 ਵਿੱਚ ਇਹ ਗਿਣਤੀ 881 ਹੋ ਗਈ ਹੈ, ਜੋ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਦੀ ਵੀ ਅਗਵਾਈ ਕੀਤੀ ਹੈ, ਜਿਸ ਵਿੱਚ ਲਗਭਗ 24 ਲੱਖ ਮਾਪਿਆਂ ਦੀ ਸ਼ਮੂਲੀਅਤ ਦਰਜ ਕੀਤੀ ਗਈ। ਲਗਭਗ 20,000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ 12000 ਕੁੜੀਆਂ ਸ਼ਾਮਲ ਹਨ।