ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਪੰਜਾਬ ਵਿਧਾਨ ਸਭਾ ਨੇ ਸੋਮਵਾਰ ਜੈਨ-ਜ਼ੀ ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਕਰੋੜਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਜਦਕਿ ਇਨਸਾਫ਼ ਮੰਗਣ ਵਾਲਿਆਂ ਨੂੰ ਜਵਾਬਦੇਹੀ ਦੀ ਬਜਾਏ ਅੱਥਰੂ ਗੈਸ ਦੇ ਗੋਲਿਆਂ, ਪੈਲਟ ਗੰਨਾਂ ਅਤੇ ਪੁਲਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਤੇ ‘ਤੇ ਬਹਿਸ ਦੌਰਾਨ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ।
ਮਾਨ ਨੇ ਕਿਹਾ, “’ਪੂਰੀ ਦੁਨੀਆ ਵਿੱਚ ਪੈਲਟ ਗੰਨਾਂ ‘ਤੇ ਪਾਬੰਦੀ ਹੈ, ਪਰ ਕੇਂਦਰ ਸਰਕਾਰ ਨੇ ਨਿਰਦੋਸ਼ ਵਿਦਿਆਰਥੀਆਂ ਵਿਰੁੱਧ ਬੇਰਹਿਮੀ ਨਾਲ ਇਹਨਾਂ ਦੀ ਵਰਤੋਂ ਕੀਤੀ ਹੈ।’ ਮਾਨ ਨੇ ਕਿਹਾ—ਅਜਿਹੇ ਪੇਪਰ ਲੀਕ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰਦੇ ਹਨ ਅਤੇ ਇਸੇ ਲਈ ਸਾਡੇ ਦੇਸ਼ ਦੀਆਂ ਡਿਗਰੀਆਂ ਦੀ ਵਿਦੇਸ਼ਾਂ ਵਿੱਚ ਕੋਈ ਕਦਰ ਨਹੀਂ।
ਮੁੱਖ ਮੰਤਰੀ ਨੇ ਕਿਹਾ, “’ਅੱਜ ਜਦੋਂ ਮੈਂ ਵਿਧਾਨ ਸਭਾ ਵਿੱਚ ਬੋਲ ਰਿਹਾ ਸੀ ਤਾਂ ਵਿਰੋਧੀ ਧਿਰ ਦੀਆਂ ਸੀਟਾਂ ਖਾਲੀ ਪਈਆਂ ਸਨ। ਇਹ 2027 ਦੀ ਇੱਕ ਝਲਕ ਹੈ। ਏਨੇ ਮਹੱਤਵਪੂਰਨ ਮੁੱਦੇ ‘ਤੇ ਬਹਿਸ ਵਿੱਚ ਹਿੱਸਾ ਲੈਣ ਦੀ ਬਜਾਏ ਉਨ੍ਹਾਂ ਕਾਰਵਾਈ ਦਾ ਬਾਈਕਾਟ ਕੀਤਾ।ਇੱਕ ਪਾਸੇ ਉਨ੍ਹਾਂ ਦੇ ਨੇਤਾ ਸਿੱਖਿਆ ਨਾਲ ਸੰਬੰਧਤ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਦੇ ਹਨ ਅਤੇ ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਸਦਨ ਵਿੱਚ ਉਸੇ ਮੁੱਦੇ ‘ਤੇ ਬਹਿਸ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਵਾਕਆਊਟ ਕਰ ਜਾਂਦੇ ਹਨ।’”
ਪ੍ਰੀਖਿਆਵਾਂ ਦੇ ਮਾਮਲੇ ਵਿੱਚ ਪੰਜਾਬ ਦੇ ਰਿਕਾਰਡ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “’ਸਾਡੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਤੋਂ ਵੱਧ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਪੇਪਰ ਲੀਕ ਦੀ ਇੱਕ ਵੀ ਘਟਨਾ ਨਹੀਂ ਵਾਪਰੀ। ਕੁਝ ਪ੍ਰੀਖਿਆਵਾਂ ਦੌਰਾਨ ਨਕਲ ਦੇ ਮਾਮਲੇ ਸਾਹਮਣੇ ਆਏ ਸਨ, ਪਰ ਉਹ ਮਾਮਲੇ ਸਰਕਾਰ ਵੱਲੋਂ ਆਪ ਹੀ ਫੜੇ ਗਏ ਸਨ।’
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿੰਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ 70 ਤੋਂ ਵੱਧ ਵੱਡੇ ਪ੍ਰੀਖਿਆ ਘੁਟਾਲੇ, ਪੇਪਰ ਲੀਕ ਅਤੇ ਡਿਜੀਟਲ ਹੈਕਿੰਗ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ ਅਤੇ ਸਰਕਾਰੀ ਪ੍ਰੀਖਿਆ ਪ੍ਰਣਾਲੀ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਰਿਹਾ ਹੈ। ਸਦਨ ਵੱਲੋਂ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਤੇ ‘ਤੇ ਬੋਲਦਿਆਂ ਕਿਹਾ ਕਿ ਉਹ ਇਕਲੌਤੇ ਅਜਿਹੇ ਸਿੱਖਿਆ ਮੰਤਰੀ ਸਨ, ਜੋ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਉਨ੍ਹਾ ਕਿਹਾ, ‘ਦੇਸ਼ ਭਰ ਤੋਂ ਵਿਦਿਆਰਥੀ ਉੱਥੇ ਰੋਸ ਪ੍ਰਗਟਾਉਣ ਲਈ ਇਕੱਠੇ ਹੋਏ ਸਨ। ਉਹ ਉੱਥੇ ਭਾਰਤ ਲਈ ਗਏ ਸਨ, ਨਾ ਕਿ ਭਾਰਤ ਦੇ ਵਿਰੁੱਧ। ਤੁਸੀਂ ਕਿਸੇ ਵੀ ਵਿਰੋਧੀ ਆਵਾਜ਼ ਨੂੰ ਦੇਸ਼-ਵਿਰੋਧੀ ਕਰਾਰ ਦੇ ਕੇ ਖਾਰਜ ਨਹੀਂ ਕਰ ਸਕਦੇ। ਇਹ ਮਾਮਲਾ ਸਿਰਫ ਨਕਲ ਜਾਂ ਪੇਪਰ ਲੀਕ ਹੋਣ ਤੱਕ ਸੀਮਤ ਨਹੀਂ ਹੈ। ਆਓ, ਆਪਣੀ ਸਿੱਖਿਆ ਪ੍ਰਣਾਲੀ ਨੂੰ ਨਵੇਂ ਸਿਰੇ ਤੋਂ ਢਾਲੀਏ, ਜਿੱਥੇ ਸਾਰੀਆਂ ਸੰਬੰਧਤ ਧਿਰਾਂ ਮਿਲ ਕੇ ਬਦਲਦੇ ਵਿਸ਼ਵ-ਵਿਆਪੀ ਦੌਰ ਦੇ ਅਨੁਕੂਲ ਇੱਕ ਸਿੱਖਿਆ ਪ੍ਰਣਾਲੀ ਦੀ ਸਿਰਜਣਾ ਕਰਨ। ਹੋਰ ਦੇਸ਼ ਸਾਡੇ ਨਾਲੋਂ ਕਿਤੇ ਅੱਗੇ ਹਨ। ਉਹ ਦੂਜੇ ਦੇਸ਼ਾਂ ਦੇ ਆਪਣੇ ਹਮਰੁਤਬਾ ਲੋਕਾਂ ਦੇ ਬਰਾਬਰ ਚੱਲਣਾ ਚਾਹੁੰਦੇ ਹਨ। ਇਸ ਲਈ ਇੱਕ ਸੱਚੇ ਵਿਕਸਤ ਭਾਰਤ ਦੀ ਸਿਰਜਣਾ ਵਾਸਤੇ ਸਿੱਖਿਆ ਕਮਿਸ਼ਨ ਦਾ ਗਠਨ ਬਹੁਤ ਜ਼ਰੂਰੀ ਹੈ।’ ਬੈਂਸ ਨੇ ਪੰਜਾਬ ਵਿੱਚ ਪੇਪਰ ਲੀਕ ਦੇ ਰੌਲੇ ਬਾਰੇ ਵੀ ਸਫ਼ਾਈ ਪੇਸ਼ ਕੀਤੀ। ਕਾਂਗਰਸੀ ਵਿਧਾਇਕਾਂ ਨੇ ਪੇਪਰ ਲੀਕ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਤਰ-ਮੰਤਰ ਉੱਤੇ ਵਿਦਿਆਰਥੀਆਂ ਦੇ ਧਰਨੇ ਵਿੱਚ ਪਹੁੰਚੇ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ, ਪਰ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਵਿੱਚ ਉਨ੍ਹਾ ਚੁੱਪੀ ਧਾਰ ਰੱਖੀ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਵਿੱਚ ਬੈਂਸ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਅਸਤੀਫੇ ਦੀ ਮੰਗ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕਿਹਾ ਕਿ ਉਹ ਪੇਪਰ ਲੀਕ ਦੇ ਪੂਰੇ ਮਾਮਲੇ ‘ਤੇ ਬਹਿਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਉਹ ਇਸ ਮੁੱਦੇ ਤੋਂ ਭੱਜਣ ਵਾਲਿਆਂ ਵਿੱਚੋਂ ਨਹੀਂ ਹਨ। ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ ਸਦਨ ਨੇ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਭੂਲਾ ਰਾਮ, ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ‘ਤੇ ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਉਨ੍ਹਾਂ ਦੇ ਪਰਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ।ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।




