ਰੋਪੜ (ਨ ਜ਼ ਸ) : ਸਾਂਸਦ ਅੰਮ੍ਰਿਤਪਾਲ ਸਿੰਘ ਖਿਲਾਫ ਦਰਜ ਕੇਸ ਦੇ ਗਵਾਹ ‘ਤੇ ਮੋਰਿੰਡਾ ਨੇੜੇ ਬੁੱਧਵਾਰ ਰਾਤ 2 ਵਜੇ ਦੇ ਕਰੀਬ ਗੋਲੀਆਂ ਦੀ ਮਾਰ ਤੋਂ ਬਾਲ-ਬਾਲ ਬਚ ਗਿਆ। ਐੱਸ ਐੱਸ ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲੀਬਾਰੀ ਕਿਸੇ ਸਾਜ਼ਿਸ਼ ਦਾ ਹਿੱਸਾ ਨਹੀਂ, ਸਗੋਂ ਸੜਕੀ ਤਕਰਾਰ (ਰੋਡ ਰੇਜ) ਦਾ ਨਤੀਜਾ ਹੈ।
ਪੁਲਸ ਮੁਤਾਬਕ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕਾਇਤਕਰਤਾ ਅਤੇ ਕੇਸ ਦੇ ਗਵਾਹ ਪਿੰਡ ਸਲੇਮਪੁਰ ਦੇ ਵਰਿੰਦਰ ਸਿੰਘ ਮਾਵੀ ਨੇ ਰਾਤ 2 ਵਜੇ ਦੇ ਕਰੀਬ ਪੁਲਸ ਨੂੰ ਫੋਨ ਕਰਕੇ ਦੱਸਿਆ ਕਿ ਇੱਕ ਵਿਅਕਤੀ ਉਸ ‘ਤੇ ਗੋਲੀਆਂ ਚਲਾ ਰਿਹਾ ਹੈ। ਪੁਲਸ ਟੀਮਾਂ ਤੁਰੰਤ ਮੌਕੇ ‘ਤੇ ਪੁੱਜ ਗਈਆਂ। ਜਾਂਚ ਦੌਰਾਨ ਪਤਾ ਲੱਗਾ ਕਿ ਪਿੰਡ ਸਮਰੌਲੀ ਦੇ ਜਸਬੀਰ ਸਿੰਘ ਉਰਫ ਕਾਲਾ ਨੇ ਸ਼ਰਾਬ ਦੇ ਨਸ਼ੇ ‘ਚ ਗੱਡੀ ਲੰਘਾਉਣ ਨੂੰ ਲੈ ਕੇ ਮਾਵੀ ਨਾਲ ਝਗੜਾ ਕੀਤਾ ਸੀ। ਮੁਲਜ਼ਮ ਨੇ ਹਵਾਈ ਫਾਇਰ ਕੀਤੇ ਅਤੇ ਮਾਵੀ ਦੀ ਗੱਡੀ ਦਾ ਪਿੱਛਾ ਕਰਦਿਆਂ ਉਸ ਦੇ ਪਿੰਡ ਤੱਕ ਪਹੁੰਚ ਕੇ ਉਸ ਦੇ ਸਾਥੀਆਂ ਨੂੰ ਧਮਕਾਇਆ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਐੱਸ ਐੱਸ ਪੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਸਦਰ ਮੋਰਿੰਡਾ ‘ਚ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਜਿੱਥੇ ਕਈ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਕਿ ਮਾਵੀ ਦੇ ਗਵਾਹ ਹੋਣ ਕਾਰਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨਾਲ ਸੰਬੰਧਤ ਕੇਸਾਂ ਦੇ ਸ਼ਿਕਾਇਤਕਰਤਾਵਾਂ ਅਤੇ ਗਵਾਹਾਂ ਦੇ ਵਕੀਲ ਪਰਮਿੰਦਰ ਸਿੰਘ ਵਿੱਗ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟਾਉਂਦਿਆਂ ਗਵਾਹਾਂ ਦੀ ਸੁਰੱਖਿਆ ‘ਤੇ ਸਵਾਲ ਚੁੱਕੇ ਹਨ। ਉਨ੍ਹਾ ਕਿਹਾ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਮੁੱਖ ਗਵਾਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਪ੍ਰਸ਼ਾਸਨ ਨੂੰ ਸੁਰੱਖਿਆ ਪ੍ਰਬੰਧ ਹੋਰ ਪੁਖਤਾ ਕਰਨੇ ਚਾਹੀਦੇ ਹਨ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਹਦਾਇਤ ਕੀਤੀ ਹੈ। ਇਸੇ ਦੌਰਾਨ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ‘ਵਾਰਿਸ ਪੰਜਾਬ ਦੇ’ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਪ੍ਰਚਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾ ਇਸ ਟਰੋਲਿੰਗ ਨੂੰ ਵਿਰੋਧੀ ਪਾਰਟੀਆਂ ਦੇ ਆਈ ਟੀ ਸੈੱਲਾਂ ਦੀ ਸਾਜ਼ਿਸ਼ ਕਰਾਰ ਦਿੱਤਾ ਹੈ, ਜਿਸ ਦਾ ਮਕਸਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਅਕਸ ਖਰਾਬ ਕਰਨਾ ਹੈ। ਅਯਾਲੀ ਨੇ ਕਿਹਾ ਕਿ ਐੱਸ ਐੱਸ ਪੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਗੋਲੀਬਾਰੀ ਸਿਰਫ ਸੜਕੀ ਤਕਰਾਰ ਦਾ ਸਿੱਟਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੇ ਆਈ ਟੀ ਸੈੱਲ ਇਸ ਘਟਨਾ ਨੂੰ ਸਿਆਸੀ ਰੰਗਤ ਦੇ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।



