ਬੇਜ਼ਮੀਨੇ ਮਜ਼ਦੂਰਾਂ ਵੱਲੋਂ ਸੰਘਰਸ਼ ਪ੍ਰਚੰਡ ਕਰਨ ਦਾ ਐਲਾਨ

0
5

ਜਲੰਧਰ (ਗਿਆਨ ਸੈਦਪੁਰੀ) : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਐਲਾਨੇ ਸੰਘਰਸ਼ ਦੇ ਸੱਦੇ ਤਹਿਤ ਬੁੱਧਵਾਰ ਪੰਜਾਬ ਭਰ ‘ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ-ਔਰਤਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਰੋਹਲਾ ਮਾਰਚ ਕੀਤਾ, ਸਰਕਾਰ ਵਿਰੁੱਧ ਗੁੱਸੇ ਤੇ ਰੋਹ ਨਾਲ ਭਰੇ-ਪੀਤੇ ਮਜ਼ਦੂਰ ਇਸ ਗੱਲੋਂ ਖ਼ਫ਼ਾ ਹਨ ਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਜ਼ਮੀਨੇ ਲੋਕਾਂ ਦੀ ਸਾਰ ਨਹੀਂ ਲਈ, ਫੋਕੇ ਲਾਰੇ ਅਤੇ ਝੂਠੇ ਵਾਅਦਿਆਂ ਨਾਲ ਹੁਣ ਤੱਕ ਸਰਕਾਰ ਡੰਗ ਸਾਰ ਰਹੀ ਹੈ। ਮਜ਼ਦੂਰ ਆਗੂਆਂ ਕਿਹਾ ਕਿ ਸੰਘਰਸ਼ਸ਼ੀਲ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤੈਅ ਕਰਕੇ ਪੰਜ ਵਾਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਅਸਲ ਵਿਚ ਮੁੱਖ ਮੰਤਰੀ ਸਮਾਜ ਦੇ ਸਭ ਤੋਂ ਦਰੜੇ ਲੋਕਾਂ ਪ੍ਰਤੀ ਵਿਤਕਰੇਬਾਜ਼ੀ ਕਰ ਰਹੇ ਹਨ।
ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ, ਆਲ ਇੰਡੀਆ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਭੂਪ ਚੰਦ ਚੰਨੋ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਚਮਕੌਰ ਸਿੰਘ ਖੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਧਰਮਵੀਰ ਹਰੀਗੜ੍ਹ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਤਿੰਨ ਮਹੀਨਿਆਂ ਵਿਚ ਨਸ਼ੇ ਖ਼ਤਮ ਕਰਨ, ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਕਰਨ, ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨਾਂ ‘ਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ। ਸਭ ਤੋਂ ਵਧ ਕੇ ਪ੍ਰਚਾਰਿਆ ਗਿਆ ਕਿ ਸਾਡੇ ਰਾਜ ਵਿੱਚ ਕਿਸੇ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ, ਪਰ ਹੋਇਆ ਇਸ ਦੇ ਉਲਟ। ਮੋਦੀ ਸਰਕਾਰ ਵਲੋਂ ਲਿਆਂਦੇ ਮਜ਼ਦੂਰ ਵਿਰੋਧੀ ਲੇਬਲ ਕੋਡ, ਪੰਜਾਬ ਵਿੱਚ ਸਭ ਤੋ ਪਹਿਲਾਂ ਲਾਗੂ ਕੀਤੇ ਗਏ, ਕੇਂਦਰ ਸਰਕਾਰ ਵੱਲੋਂ ਜੀ ਰਾਮ ਜੀ ਕਾਨੂੰਨ ਰਾਹੀਂ, ਜੋ ਮਨਰੇਗਾ ਦਾ ਭੋਗ ਪਾਇਆ, ਉਵੇਂ ਹੀ ਪੰਜਾਬ ਵਿਚ ਮਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਠੱਪ ਪਿਆ ਹੈ, ਮਜ਼ਦੂਰ ਆਗੂਆਂ ਨੇ ਕਿਹਾ ਕਿ ਜਿਹੜੀ ਸਰਕਾਰ ਕਹਿੰਦੀ ਸੀ ਅਸੀਂ ਮਸ਼ਹੂਰੀਆਂ ‘ਤੇ ਪੈਸੇ ਨਹੀਂ ਖਰਚਣੇ , ਉਹ ਬੱਚਿਆਂ ਦੇ ਸਕੂਲ ਬੈਗਾਂ ਅਤੇ ਤੀਰਥ ਯਾਤਰੀ ਬੱਸਾਂ ‘ਤੇ ਵੀ ਇਸ਼ਤਿਹਾਰ ਲਾ ਰਹੀ ਹੈ। ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਕਿ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕਰਕੇ, ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਇਸ ਤਹਿਤ, ਸਾਲ ਭਰ ਲਈ ਰੁਜ਼ਗਾਰ ਤੇ ਘੱਟੋ-ਘੱਟ ਦਿਹਾੜੀ 700 ਰੁਪਏ ਕੀਤੀ ਜਾਵੇ, ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨ ਪ੍ਰਤੀ ਮਹੀਨਾ 5000 ਰੁਪਏ ਹੋਏ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਇਆ ਜਾਵੇ, ਮਜ਼ਦੂਰਾਂ ਨੂੰ ਦਸ-ਦਸ ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ, ਜ਼ਮੀਨ ਦੀ ਕਾਣੀਵੰਡ ਖ਼ਤਮ ਕਰਨ ਲਈ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ‘ਚ ਵੰਡੀਆਂ ਜਾਣ, ਪੰਚਾਇਤੀ ਜ਼ਮੀਨ ‘ਚੋਂ ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ ਆਦਿਕ। ਕੁਝ ਵਿਸ਼ੇਸ਼ ਮਤੇ ਪੇਸ਼ ਕੀਤੇ ਗਏ, ਜਿਸ ਨੂੰ ਇਕੱਠ ਨੇ ਹੱਥ ਖੜ੍ਹੇ ਕਰਕੇ ਪਾਸ ਕੀਤਾ। ਚੋਟੀ ਦੇ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਸ ਦੇ ਦੋਸਤ ਸ਼ਹੀਦ ਹੰਸਰਾਜ ਦੀ ਯਾਦ ਵਿੱਚ ਉਹਨਾਂ ਦੇ ਪਿੰਡ ਤਲਵੰਡੀ ਸਲੇਮ ਵਿਖੇ ਉਸਾਰੇ ਕੰਪਲੈਕਸ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸ਼ਹਿ ‘ਤੇ ਪਿੰਡ ਦੇ ਸਰਪੰਚ ਅਤੇ ਉਸ ਦੀ ਢਾਣੀ ਵਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਗੇਟਾਂ ਦੇ ਤਾਲੇ ਤੋੜ ਕੇ ਅੰਦਰ ਝੂਲੇ ਲਾਉਣ ਦੀ ਇਕੱਠ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ, ਪੰਜਾਬ ਅੰਦਰ ਵੱਖ-ਵੱਖ ਸੰਘਰਸ਼ਸ਼ੀਲ ਤਬਕਿਆਂ ਦੇ ਘੋਲਾਂ/ ਮੰਗਾਂ ਨੂੰ ਡਾਂਗ ਦੇ ਜੋਰ ਦਬਾਉਣ ਦੀ ਜ਼ੋਰਦਾਰ ਨਿੰਦਾ ਕੀਤੀ, ਸਫ਼ਾਈ ਮਜ਼ਦੂਰਾਂ ਦੇ ਸੰਘਰਸ਼ ਦੀ ਜਿਥੇ ਇਕੱਠ ਨੇ ਹਮਾਇਤ ਕੀਤੀ, ਉੱਥੇ ਬਰਨਾਲਾ ਲਾਠੀਚਾਰਜ ਦੀ ਨਿੰਦਾ ਕੀਤੀ, ਜੰਤਰ ਮੰਤਰ ਵਿਖੇ ਨੌਜਵਾਨਾਂ ਵਿਦਿਆਰਥੀਆਂ ਦੇ ਸੰਘਰਸ਼ ਮੌਕੇ ਉਹਨਾਂ ‘ਤੇ ਹੋਏ ਪੁਲਸ ਜਬਰ ਦੀ ਨਿੰਦਾ ਕਰਦਿਆਂ ਖ਼ਾਸ ਕਰਕੇ ਲੜਕੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਝੀਆਂ ਕਰਤੂਤਾਂ ਦੀ ਇਕੱਠ ਨੇ ਨਿੰਦਾ ਕੀਤੀ।ਆਗੂਆਂ ਨੇ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿੱਚ ਮਜ਼ਦੂਰਾਂ ਦੀਆਂ ਇਹਨਾਂ ਮੰਗਾਂ ‘ਤੇ ਸੰਘਰਸ਼ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ, ਗੁਰਨਾਮ ਸਿੰਘ ਦਾਊਦ, ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁਗਸ਼ੋਰ, ਲਖਵੀਰ ਲੌਂਗੋਵਾਲ, ਸਤਪਾਲ ਬਨੂੜ ਤੇ ਗੁਰਬਿੰਦਰ ਸਿੰਘ ਬੋੜਾਂ ਨੇ ਵੀ ਸੰਬੋਧਨ ਕੀਤਾ।ਸਟੇਜ ਸਕੱਤਰ ਦੇ ਫਰਜ਼ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਨਿਭਾਏ।