ਚੰਡੀਗੜ੍ਹ (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ, ਸੁਰਜੀਤ ਸੁਮਨ)-ਪੰਜਾਬ ਵਿਧਾਨ ਸਭਾ ਵਿੱਚ ਮਾਨਸੂਨ ਇਜਲਾਸ ਦੇ ਚੌਥੇ ਦਿਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜੀਵਨ-ਜਾਚ ਸਿਖਾਉਣ ਲਈ ਵਿਸ਼ੇਸ਼ ਸਿਲੇਬਸ ਤਿਆਰ ਕਰਨ ਬਾਰੇ ਪੇਸ਼ ਕੀਤਾ ਮਤਾ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਦਨ ਵਿੱਚ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬਰਸਾਤੀ ਪਾਣੀ ਦੇ ਧਰਤੀ ਅੰਦਰ ਰੀਚਾਰਜ ਬਾਰੇ ਵੀ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਗਰਾਉਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਾਲ 202627 ਦੌਰਾਨ 12.08 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਹਨਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕੰਮ ਇੱਕ ਸਾਲ ਵਿੱਚ ਮੁਕੰਮਲ ਕਰਵਾਇਆ ਜਾਵੇਗਾ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਨਕੋਦਰ ਵਿੱਚ ਪਿੰਡ ਨੂਰਪੁਰ ਚੱਠਾ ਨੇੜੇ ਚਿੱਟੀ ਵੇਈ ਉੱਤੇ ਪੁਲ ਦੀ ਉਸਾਰੀ ਲਈ ਵਿਭਾਗ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾ ਕਿਹਾ ਕਿ ਅਜਿਹੇ ਪੇਂਡੂ ਪੁਲਾਂ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾਂਦੀ ਹੈ, ਜੇ ਪੰਜਾਬ ਮੰਡੀ ਬੋਰਡ ਵੱਲੋਂ ਜਲ ਸਰੋਤ ਵਿਭਾਗ ਤੋਂ ਕੋਈ ਐੱਨ ਓ ਸੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਨੂੰ ਬਿਨਾਂ ਕਿਸੇ ਦੇਰੀ ਤੋਂ ਜਾਰੀ ਕੀਤਾ ਜਾਵੇਗਾ। ਵੀਰਵਾਰ ਨੂੰ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਬਾਈਕਾਟ ਦੀਆਂ ਤਖਤੀਆਂ ਲੈ ਕੇ ਪਹੁੰਚੇ।


