ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾ ਰਾਮ ਨੂੰ ਫਿਲਹਾਲ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਨੂੰ ਚੌਵੀ ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਇੱਕ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦੇ ਦਿੱਤੀ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਪੀ.ਬੀ. ਵਾਰਲੇ ਦੇ ਬੈਂਚ ਨੇ ਸਿਹਤ ਦੇ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾ ਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ ਹੈ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾ ਰਾਮ ਨੇ ਅਦਾਲਤ ਤੋਂ ਇਹ ਗੱਲ ਛੁਪਾਈ ਹੈ ਕਿ ਉਸ ਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ। ਆਸਾ ਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਹ ਸਿਹਤ ਦੇ ਆਧਾਰ ‘ਤੇ ਨਹੀਂ ਦਿੱਤੀ ਗਈ ਸੀ। ਰਾਜਸਥਾਨ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਸਾ ਰਾਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਸੀ।





