ਚੰਡੀਗੜ੍ਹ : ਇੱਥੇ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ, ਜਿਨ੍ਹਾਂ ਨੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਪਾਰਟੀ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਪੁਲਸ ਵੱਲੋਂ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂ ਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਤੇ ਇਸ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।


