ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

0
336

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ।
ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ, ਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਸ੍ਰੀ ਅੰਮਿ੍ਰਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਵੱਖ-ਵੱਖ ਤਰ੍ਹਾਂ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ।
ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ’ਚ ਸ਼ਾਮਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲ ਕੇ ਗੁਰਸਿੱਖੀ ਜੀਵਨ ਬਤੀਤ ਕਰੇ।

LEAVE A REPLY

Please enter your comment!
Please enter your name here