ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ ਇੱਕ ਕਰੋੜ ਰੁਪਏ ਜਾਰੀ

0
4

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿੱਤੀ ਸਾਲ 2026-27 ਲਈ ਇੱਕ ਕਰੋੜ ਰੁਪਏ ਦੀ ਟੋਕਨ ਗਰਾਂਟ ਜਾਰੀ ਕਰ ਦਿੱਤੀ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ 85 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਅਗਸਤ 2026 ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ 15 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ, ਰੋਕਥਾਮ, ਮੁੜ ਵਸੇਬੇ ਅਤੇ ਲੋਕ ਭਾਗੀਦਾਰੀ ਨੂੰ ਬਰਾਬਰ ਮਹੱਤਵ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾ ਦੱਸਿਆ ਕਿ ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਠਾਨਕੋਟ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਨ੍ਹਾਂ ਤਹਿਤ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।