ਅਕਾਵਾਂ ਨੂੰ ਖੁਸ਼ ਕਰਨ ਲਈ ਰਾਜਸਥਾਨ ਦੇ ਨਸ਼ੇੜੀਆਂ ਦੀ ਵੀਡੀਓ ਵਾਇਰਲ ਕੀਤੀ
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਕ੍ਰਿਕਟਰ ਤੋਂ ਸਿਆਸਤ ਵਿੱਚ ਆਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਨਸ਼ੇ ਦੀ ਹਾਲਤ ਵਿੱਚ ਧੁੱਤ ਦੋ ਨੌਜਵਾਨਾਂ ਦੀ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ‘ਤੇ ਪੰਜਾਬ ਪੁਲਸ ਨੇ ਤੁਰੰਤ ਵੱਡਾ ਪਲਟਵਾਰ ਕੀਤਾ ਹੈ। ਪੰਜਾਬ ਪੁਲਸ ਨੇ ਹਰਭਜਨ ਸਿੰਘ ਦੇ ਦਾਅਵਿਆਂ ਦਾ ਖੰਡਨ ਕਰਦਿਆਂ ਉਨ੍ਹਾਂ ਨੂੰ ਕੋਈ ਵੀ ਸਮੱਗਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਹਰਭਜਨ ਸਿੰਘ ਨੇ ਵੀਡੀਓ ਪੋਸਟ ਕਰਦਿਆਂ ਲਿਖਿਆ ਸੀ, “ਨਜ਼ਰ ਲੱਗ ਗਈ ਯਾਰ ਸਾਡੇ ਪੰਜਾਬ ਨੂੰ… ਸਰਕਾਰਾਂ ਨੇ ਕੀ ਹਾਲ ਬਣਾ ਦਿੱਤਾ ਪੰਜਾਬ ਦਾ ਤੇ ਪੰਜਾਬੀ ਨੌਜਵਾਨਾਂ ਦਾ। ਰੋਣਾ ਆਉਂਦਾ ਏ ਇਹ ਸਭ ਦੇਖ ਕੇ। ਬਖ਼ਸ਼ ਦਿਓ ਮੇਰੇ ਪੰਜਾਬ ਨੂੰ…ਮਾਫ਼ ਕਰੋ ਪੰਜਾਬ ਨੂੰ। ਕਿੱਥੇ ਲੈ ਆਏ ਓ ਪੰਜਾਬ ਨੂੰ? ਜਿਹੜਾ ਪੰਜਾਬ ਕਦੇ ਚੜ੍ਹਦੀ ਕਲਾ, ਹਿੰਮਤ ਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਅੱਜ ਉਸੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਘੇਰ ਲਿਆ ਏ। ਹਾਲੇ ਵੀ ਵੇਲਾ ਹੈ-ਮੇਰੇ ਪੰਜਾਬ ਨੂੰ ਬਚਾ ਲਓ।”ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਤੋਂ ਬਾਅਦ ਕਈ ਵਰਤੋਂਕਾਰਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਪੰਜਾਬ ਪੁਲਸ ‘ਤੇ ਨਸ਼ਿਆਂ ਦੀ ਰੋਕਥਾਮ ਵਿੱਚ ਅਸਫ਼ਲ ਰਹਿਣ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਦੋਂ ਪੰਜਾਬ ਪੁਲਸ ਨੇ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ, ਸਗੋਂ ਗੁਆਂਢੀ ਰਾਜ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੀ ਹੈ। ਪੰਜਾਬ ਪੁਲਸ ਨੇ ਹਰਭਜਨ ਸਿੰਘ ਨੂੰ ਟੈਗ ਕਰਦਿਆਂ ਲਿਖਿਆ, “ਜੋ ਵੀਡੀਓ ਸਾਂਝੀ ਕੀਤੀ ਜਾ ਰਹੀ ਹੈ, ਉਹ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੀ ਹੈ, ਪੰਜਾਬ ਦੀ ਨਹੀਂ। ਇਸ ਦਾ ਪੰਜਾਬ ਪੁਲਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਵੀਡੀਓ ਉੱਪਰ ਪੰਜਾਬੀ ਆਡੀਓ ਟਰੈਕ ਲਗਾ ਦੇਣ ਨਾਲ ਕੋਈ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ। ਅਸੀਂ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਗੁੰਮਰਾਹਕੁੰਨ ਸਮੱਗਰੀ ਪੋਸਟ ਕਰਨ ਜਾਂ ਪੰਜਾਬ ਪੁਲਸ ਨੂੰ ਟੈਗ ਕਰਨ ਤੋਂ ਪਹਿਲਾਂ ਸਥਾਨ ਅਤੇ ਤੱਥਾਂ ਦੀ ਪੜਤਾਲ ਜ਼ਰੂਰ ਕਰਨ। ਜ਼ਿੰਮੇਵਾਰੀ ਨਾਲ ਜਾਣਕਾਰੀ ਸਾਂਝੀ ਕਰਨਾ ਜ਼ਰੂਰੀ ਹੈ।” ਪੁਲਸ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਨੌਜਵਾਨਾਂ ਵੱਲੋਂ ਹਰਭਜਨ ਸਿੰਘ ‘ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਅਤੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਅਕਸ ਖ਼ਰਾਬ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰਭਜਨ ਸਿੰਘ ਦੇ ਸੂਬੇ ਦੇ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਲਈ ਰੋਲ ਮਾਡਲ ਮੰਨਿਆ ਸੀ। ਅਸੀਂ ਉਨ੍ਹਾਂ ਨੂੰ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਵਿੱਚ ਆਪ ਦੀ ਵਿਚਾਰਧਾਰਾ ਅਤੇ ਪੰਜਾਬ ਦੀ ਪ੍ਰਤੀਨਿਧਤਾ ਕਰਨ ਲਈ ਭੇਜਿਆ ਸੀ, ਪਰ ਇਹ ਬੇਹੱਦ ਹੈਰਾਨੀਜਨਕ ਹੈ ਕਿ ਇਸੇ ਸਾਲ ਪਾਰਟੀ ਬਦਲ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਇਸ ਦੇ ਬਿਲਕੁਲ ਉਲਟ ਕੰਮ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਪੋਸਟ ਕਰਨਾ ਭਾਜਪਾ ਦੀ ਪੰਜਾਬ ਨੂੰ ਬਦਨਾਮ ਕਰਨ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬੀ ਵਿਰੋਧੀ ਬਿਰਤਾਂਤ ਘੜਨ ਦੀ ਡੂੰਘੀ ਸਾਜ਼ਿਸ਼ ਹੈ।
ਇਸੇ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ ‘ਤੇ ਬਿਠਾਇਆ, ਉਸੇ ਦੀ ਪਿੱਠ ਵਿੱਚ ਛੁਰਾ ਮਾਰ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਹਨ।ਅੱਜ ਇਹ ਵਿਕਾਊ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ ‘ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਸ ਅਤੇ ਸਰਕਾਰ ਵਿਰੁੱਧ ਗੰਦੀ ਸਾਜ਼ਿਸ਼ ਰਚ ਰਹੇ ਹਨ।
ਪੰਨੂ ਨੇ ਸਪੱਸ਼ਟ ਕੀਤਾ ਕਿ ਹਰਭਜਨ ਭੱਜੀ ਅਤੇ ਸੋਨੂ ਸੂਦ ਵਰਗੇ ਸੈਲੀਬ੍ਰਿਟੀਜ਼ ਵੱਲੋਂ ਬਿਨਾਂ ਕੋਈ ਤੱਥ ਜਾਣੇ ਬੋਗਸ ਵੀਡੀਓ ਪਾ ਕੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਪੰਨੂ ਨੇ ਸਵਾਲ ਕੀਤਾ ਕਿ ਜਦੋਂ ਮੁੰਦਰਾ ਪੋਰਟ (ਗੁਜਰਾਤ) ਤੋਂ ਬਰਾਮਦ ਹਜ਼ਾਰਾਂ ਕਿੱਲੋ ਨਸ਼ੇ ਬਾਰੇ, ਜਿਸ ਬਾਰੇ ਖ਼ਬਰਾਂ ਆਈਆਂ ਸਨ ਕਿ ਉਸ ਨੂੰ ਚੂਹੇ ਖਾ ਗਏ, ਉਦੋਂ ਇਹ ਨੇਤਾ ਅਤੇ ਸੈਲੀਬ੍ਰਿਟੀ ਚੁੱਪ ਕਿਉਂ ਰਹੇ?





