ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾ ਦੇ ਦਖਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾ ਦੀ ਬਿਮਾਰ ਮਾਤਾ ਦੀ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ।ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ, ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ, “’ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸੰਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ, ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।’” ਉਨ੍ਹਾ ਕਿਹਾ, “’ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸੰਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ“ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾ ਦੇ ਸਮਰਥਕਾਂ ਅਤੇ ਪਰਵਾਰਕ ਮੈਂਬਰਾਂ ਨੇ ਵੀ ਇਸ ਸੰਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।’
ਕੁਝ ਘੰਟਿਆਂ ਦੀ ਹੀ ਪੈਰੋਲ ਮਿਲਣ ਦੀ ਸੰਭਾਵਨਾ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲਾ ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮੁੱਢਲੇ ਪੜਾਅ ‘ਤੇ ਸੀਮਤ ਸਮੇਂ ਲਈ ਪੈਰੋਲ ਦੇਣ ਦੇ ਰੌਂਅ ਵਿੱਚ ਜਾਪਦਾ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਰਾਜਪਾਲ ਨੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਦੀ ਜਾਂਚ ਰਿਪੋਰਟ ਪੀ ਜੀ ਆਈ ਦੇ ਡਾਕਟਰਾਂ ਦੀ ਟੀਮ ਜ਼ਰੀਏ ਮੰਗਵਾ ਲਈ ਹੈ। ਇਸ ਟੀਮ ਕੋਲ ਹਵਾਰਾ ਦੀ ਮਾਤਾ ਨੇ ਆਪਣੀ ਅੰਤਮ ਇੱਛਾ ਜ਼ਾਹਿਰ ਕੀਤੀ ਹੈ ਅਤੇ ਉਹ ਆਪਣੇ ਪੁੱਤਰ ਨੂੰ ਅਖੀਰਲੇ ਸਮੇਂ ਤੋਂ ਪਹਿਲਾਂ ਮਿਲਣਾ ਚਾਹੁੰਦੀ ਹੈ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਹਨ ਕਿ ਹਵਾਰਾ ਨੂੰ ਦਸ ਦਿਨ ਦੀ ਪੈਰੋਲ ਮਿਲੇ, ਪਰ ਕੇਂਦਰੀ ਗ੍ਰਹਿ ਮੰਤਰਾਲਾ ਸੀਮਤ ਸਮੇਂ ਲਈ ਪੈਰੋਲ ਦੇਣ ਦਾ ਇੱਛੁਕ ਹੈ। ਸੂਤਰ ਦੱਸਦੇ ਹਨ ਕਿ ਕੇਂਦਰੀ ਗ੍ਰਹਿ ਮੰਤਰਾਲਾ ਹਵਾਰਾ ਨੂੰ ਕੁਝ ਘੰਟਿਆਂ ਦੀ ਪੈਰੋਲ ਦੇ ਸਕਦਾ ਹੈ ਜਾਂ ਫਿਰ ਇੱਕ ਦਿਨ ਦੀ ਪੈਰੋਲ ਵੀ ਮਿਲ ਸਕਦੀ ਹੈ। ਇੱਕ-ਦੋ ਦਿਨਾਂ ‘ਚ ਹੀ ਪੈਰੋਲ ਮਿਲਣ ਦੀ ਸੰਭਾਵਨਾ ਹੈ।
ਜਗਤਾਰ ਸਿੰਘ ਹਵਾਰਾ ਨੂੰ 1995 ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੰਬ ਧਮਾਕੇ ਦੀ ਸਾਜ਼ਿਸ਼ ਰਚਣ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਟਰਾਇਲ ਕੋਰਟ ਨੇ 2007 ਵਿੱਚ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਕਤੂਬਰ 2010 ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਹਵਾਰਾ ਇਸ ਵੇਲੇ ਨਵੀਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਪਹਿਲਾਂ ਹਵਾਰਾ ਬੁੜੈਲ ਜੇਲ੍ਹ ਵਿੱਚ ਵੀ ਬੰਦ ਰਿਹਾ, ਜਿੱਥੋਂ ਉਹ ਸੁਰੰਗ ਜ਼ਰੀਏ ਸਾਲ 2004 ਵਿੱਚ ਫਰਾਰ ਵੀ ਹੋ ਗਿਆ ਸੀ। ਸੁਰੱਖਿਆ ਅਤੇ ਖੁਫੀਆ ਏਜੰਸੀਆਂ ਵੱਲੋਂ ਹੁਣ ਤੱਕ ਹਵਾਰਾ ਦੀ ਪੈਰੋਲ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ।





