ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਤ ਹੋਵੇਗਾ, ਜੋ ਵਿਦੇਸ਼ਾਂ ’ਚ ਵਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੂਰੀ ਦੁਨੀਆ ਵਿਚ ਵਸੇ ਹੋਏ ਹਨ ਅਤੇ ਇਹ ਰੁਝਾਨ ਹੋਰ ਤੇਜ਼ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਿਸ਼ਵ-ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਆਪਣੇ ਦਫ਼ਤਰ ਵੀ ਬਣਾਏਗੀ, ਤਾਂ ਜੋ ਸਥਾਨਕ ਪੱਧਰ ’ਤੇ ਸਿੱਖ ਸੰਗਤਾਂ ਨਾਲ ਸਿੱਧੇ ਤੌਰ ’ਤੇ ਸੌਖਿਆਂ ਰਾਬਤਾ ਕਾਇਮ ਕੀਤਾ ਜਾ ਸਕੇ। ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਸਥਾਪਤ ਕਰਕੇ ਉਨ੍ਹਾਂ ’ਚ ਉੱਪ ਦਫ਼ਤਰ ਬਣਾਏਗੀ। ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ’ਚ ਯੂਬਾ ਸਿਟੀ ਅਮਰੀਕਾ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ, ਜਿਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਦੇਸ਼ਾਂ ’ਚ ਵੀ ਉੱਪ ਦਫ਼ਤਰ ਸਥਾਪਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਬਣਾ ਕੇ ਉਥੇ ਵੀ ਉੱਪ ਦਫ਼ਤਰ ਖੋਲ੍ਹੇਗੀ। ਹਾਲ ਦੀ ਘੜੀ ਦਿੱਲੀ ਅੰਦਰ ਇਕ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ, ਜਿਸ ਵਿਚ ਸਰਾਵਾਂ ਦਾ ਵੀ ਪ੍ਰਬੰਧ ਹੋਵੇਗਾ। ਦਿੱਲੀ ਅੰਦਰ ਸਿੱਖ ਮਸਲਿਆਂ ਨੂੰ ਕੇਂਦਰ ਸਰਕਾਰ ਤੱਕ ਪੁਖਤਗੀ ਨਾਲ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਬਣਾਇਆ ਜਾਣ ਵਾਲਾ ਦਫ਼ਤਰ ਸੇਵਾਵਾਂ ਦੇਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਸਿੱਖ ਮਿਸ਼ਨ ਕਾਰਜਸ਼ੀਲ ਹੈ, ਜੋ ਸਿੱਖੀ ਪ੍ਰਚਾਰ ਦੇ ਕਾਰਜ ਕਰ ਰਿਹਾ ਹੈ।
ਅੰਤਿ੍ਰੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਸਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ, ਪਰੰਤੂ ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਾ ਨਾਂਅ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਹੈ। ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੇ ਸੁਝਾਅ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਨਾਂਅ ਬਦਲਣ ਲਈ ਆਖੇਗੀ।
ਅੰਤਿ੍ਰੰਗ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਐਡਵੋਕੇਟ ਧਾਮੀ ਨੇ ਬੀਤੇ ਕੱਲ੍ਹ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਸ ਥਾਣੇ ਵਿਚ ਐੱਫ ਆਈ ਆਰ ਦਰਜ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।




