ਚੰਡੀਗੜ੍ਹ (ਗੁਰਜੀਤ ਬਿੱਲਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਇਸ ਦਾ ਸਮਾਪਨ ਹੋਵੇਗਾ। ਇਨ੍ਹਾਂ ਵਿੱਚ 9 ਉਮਰ ਵਰਗਾਂ ਦੇ ਅਧੀਨ 28 ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ 10 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ।
ਮਾਨ ਨੇ ਕਿਹਾ ਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾ ਦੱਸਿਆ ਕਿ 3 ਤੋਂ 15 ਸਤੰਬਰ ਤੱਕ ਬਲਾਕ ਪੱਧਰੀ ਅਤੇ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 10 ਅਕਤੂਬਰ ਤੋਂ 23 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾ ਇਹ ਵੀ ਕਿਹਾ ਕਿ ਇਸ ਵਾਰ 25 ਤੋਂ 28 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵੀ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ, “”ਇਨ੍ਹਾਂ ਖੇਡਾਂ ਰਾਹੀਂ ਸਾਡਾ ਉਦੇਸ਼ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਆਪਸ ਵਿੱਚ ਜੋੜਦੀ ਹੈ। ਪਿਛਲੇ ਐਡੀਸ਼ਨਾਂ ਵਿੱਚ ਇੱਕੋ ਪਰਵਾਰ ਦੀਆਂ ਤਿੰਨ ਪੀੜ੍ਹੀਆਂ, ਜਿਸ ਵਿੱਚ ਦਾਦਾ, ਪਿਤਾ ਅਤੇ ਪੁੱਤਰ ਸ਼ਾਮਲ ਸਨ, ਨੇ ਖੇਡਾਂ ਵਿੱਚ ਹਿੱਸਾ ਲਿਆ ਸੀ।” ਉਨ੍ਹਾ ਕਿਹਾ, “’ਇਸ ਸਾਲ ਬਹੁਤ ਹੀ ਸਰਲ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਰਜਿਸਟ੍ਰੇਸ਼ਨ ਬਿਲਕੁੱਲ ਮੁਫ਼ਤ ਹੈ। ਖੇਡ ਵਿਭਾਗ ਨੇ ਪਹਿਲੀ ਵਾਰ ਕੋਡ ਆਧਾਰਤ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।’ ਮੁੱਖ ਮੰਤਰੀ ਨੇ ਦੱਸਿਆ ਕਿ “ਖੇਡ ਵਿਭਾਗ ਦੇ ਪੋਰਟਲ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਮਸ਼ਾਲ ਮਾਰਚ (ਟਾਰਚ ਰਿਲੇਅ) 12 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਆਪਣੀ ਮੰਜ਼ਲ ‘ਤੇ ਪਹੁੰਚਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗੀ। ਉਨ੍ਹਾ ਕਿਹਾ ਕਿ “40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਮਿਲੇਗਾ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋ ਜਾਣਗੇ। ਪਹਿਲੇ ਤਿੰਨ ਸੀਜ਼ਨਾਂ ਦੌਰਾਨ ਖਿਡਾਰੀਆਂ ਵਿੱਚ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ, ਜੋ ਇਨ੍ਹਾਂ ਖੇਡਾਂ ਦੀ ਭਾਰੀ ਸਫ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲ 2022 ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ 40,415 ਖਿਡਾਰੀਆਂ ਨੂੰ ਕੁੱਲ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।




