ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਇਮਾਨਦਾਰੀ ਦੇ ਸਰਟੀਫਿਕੇਟ ਦੀ ਲੋੜ ਨਹੀਂ: ਮਾਨ

0
3

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਦੇ ਪੰਜਾਬ ਵਿੱਚ ਪੈਰ ਨਹੀਂ ਲੱਗ ਰਹੇ ਹਨ, ਇਸੇ ਕਰਕੇ ਉਹ ਜੈਨ ਅਤੇ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰਨ ਲੱਗੀ ਹੋਈ ਹੈ। ਭਾਜਪਾ ਜਮਹੂਰੀਅਤ-ਵਿਰੋਧੀ ਢੰਗ ਨਾਲ ਕਾਰਵਾਈ ਕਰ ਰਹੀ ਹੈ। ਮਾਨ ਨੇ ਕਿਹਾ ਕਿ ਈ ਡੀ ਝੂਠ ਦਾ ਪੁਲੰਦਾ ਲਿਖ ਕੇ ਭੇਜ ਰਹੀ ਹੈ। ਭਾਜਪਾ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਕੰਮ ਨਹੀਂ ਹੈ, ਜਿਨ੍ਹਾਂ ਨੇ ਪਿਛਲਾ ਲੰਮਾ ਸਮਾਂ ਪੰਜਾਬ ਨੂੰ ਲੁੱਟਿਆ, ਅੱਜ ਉਹ ਆਮ ਆਦਮੀ ਪਾਰਟੀ ਉੱਤੇ ਉਂਗਲ ਚੁੱਕ ਰਹੀਆਂ ਹਨ। ਭਾਜਪਾ ਵੱਲੋਂ ਆਪਣੀ ਸਰਕਾਰ ‘ਤੇ ਕੀਤੇ ਜਾ ਰਹੇ ਹਮਲਿਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ। ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮੁੱਖ ਮੰਤਰੀ ਨੇ ਕਿਹਾ, “’ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।’