5 ਕਰੋੜ ਮੰਗਣ ਦੇ ਦੋਸ਼ ਬੇਬੁਨਿਆਦ : ਡਾ. ਮਾਨ

0
3

ਚੰਡੀਗੜ੍ਹ : ਜਬਰ-ਜ਼ਨਾਹ ਕੇਸ ਨੂੰ ਰਫ਼ਾ-ਦਫ਼ਾ ਕਰਨ ਵਿੱਚ ਮਦਦ ਕਰਨ ਬਦਲੇ 5 ਕਰੋੜ ਰੁਪਏ ਦੀ ਮੰਗ ਕਰਨ ਦੇ ਦੋਸ਼ਾਂ ‘ਤੇ ਆਪਣੀ ਪਹਿਲੀ ਜਨਤਕ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਐਤਵਾਰ ਨੂੰ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾ ਇਨ੍ਹਾਂ ਦੋਸ਼ਾਂ ਨੂੰ ਲਗਾਉਣ ਵਾਲਿਆਂ ਨੂੰ ਚੁਣੌਤੀ ਦਿੱਤੀ ਕਿ ਉਹ ਜਾਂ ਤਾਂ ਆਪਣੇ ਦੋਸ਼ ਸਾਬਤ ਕਰਨ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ। ਪਟਿਆਲਾ ਵਿੱਚ ਤੀਆਂ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾ. ਮਾਨ, ਜਿਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ ਸਨ, ਨੇ ਕਿਹਾ ਕਿ ਇਹ ਦੋਸ਼ ਮੁੱਖ ਮੰਤਰੀ ਨੂੰ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਤੋਂ ਵੱਧ ਕੁਝ ਨਹੀਂ ਹਨ। ਉਨ੍ਹਾ ਕਿਹਾ ਕਿ ਮੈਂ ਲਗਾਏ ਗਏ ਦੋਸ਼ਾਂ ਤੋਂ ਨਹੀਂ ਡਰਦੀ। ਦੱਸਣਯੋਗ ਹੈ ਕਿ ਇਹ ਦੋਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾ-ਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪਿਛਲੇ ਹਫ਼ਤੇ ਲਗਾਏ ਗਏ ਸਨ। ਉਨ੍ਹਾਂ ਦਾ ਦਾਅਵਾ ਸੀ ਕਿ ਡਾ. ਮਾਨ ਨੇ ਕਥਿਤ ਤੌਰ ‘ਤੇ ਰੇਪ ਕੇਸ ਦੇ ਇੱਕ ਮੁਲਜ਼ਮ ਕੋਲੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ ਤਾਂ ਜੋ ਇੱਕ ਕਾਰੋਬਾਰੀ ਵਿਰੁੱਧ ਦਰਜ ਕੇਸ ਨੂੰ ਰਫ਼ਾ-ਦਫ਼ਾ ਕਰਨ ਵਿੱਚ ਮਦਦ ਕੀਤੀ ਜਾ ਸਕੇ।