ਰੱਖੜੀ ‘ਤੇ ਮਾਨ ਨੇ ਨਿਭਾਇਆ ਭਰਾ ਦਾ ਫ਼ਰਜ਼

0
3

ਗੋਇੰਦਵਾਲ ਸਾਹਿਬ, ਖਡੂਰ ਸਾਹਿਬ (ਕਾਬਲ ਸਿੰਘ ਮੱਲ੍ਹੀ, ਹਰਜੋਤ ਸਿੰਘ ਸੰਧਾ) : ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ, ਜਿਸ ਨਾਲ ਉਹ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦ੍ਰਿੜ੍ਹ ਰਹੇਗੀ ਅਤੇ ਜਦੋਂ ਤੱਕ ਪੰਜਾਬ ਵਿੱਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬੰਦ ਨਹੀਂ ਹੋਵੇਗੀ। ਗੋਇੰਦਵਾਲ ‘ਚ ਆਯੋਜਿਤ ਸਮਾਗਮ ‘ਚ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਤੇ ਵਿਧਾਇਕ ਡਾ. ਅਮਨਦੀਪ ਕੌਰ, ਵਿਧਾਇਕ ਡਾ. ਜੀਵਨਜੋਤ ਕੌਰ, ਵਿਧਾਇਕ ਇੰਦਰਜੀਤ ਕੌਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ ਟੀ ਓ ਹਾਜ਼ਰ ਸਨ। ਅੱੈਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ: “”ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਸਾਡੀ ਸਰਕਾਰ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ। ਅੱਜ ਮੈਂ ਗੋਇੰਦਵਾਲ ਸਾਹਿਬ ਵਿਖੇ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਵਿੱਚ ਵਰਚੁਅਲ ਤੌਰ ‘ਤੇ ਸ਼ਿਰਕਤ ਕੀਤੀ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ‘ਸਨਮਾਨ ਰਾਸ਼ੀ’ ਭੇਜੀ ਜਾ ਰਹੀ ਹੈ। ਉਨ੍ਹਾਂ ਸਾਰੀਆਂ ‘ਸਤਿਕਾਰ ਸਖੀਆਂ’ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਲੋੜਵੰਦ ਪਰਵਾਰਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਵਿੱਚ ਮਦਦ ਕੀਤੀ। ਇਸ ਨੇਕ ਸੇਵਾ ਲਈ ਤੁਹਾਡਾ ਨਾਂਅ ਇਤਿਹਾਸ ਵਿੱਚ ਦਰਜ ਹੋਵੇਗਾ। ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਅਤੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਦਿਲੀ ਧੰਨਵਾਦ।”” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਰੱਖੜੀ ਦੇ ਤਿਉਹਾਰ ‘ਤੇ ਪਹਿਲੀ ਕਿਸ਼ਤ ਜਾਰੀ ਕਰਕੇ ਮਹਿਲਾ ਲਾਭਪਾਤਰੀਆਂ ਨੂੰ ਰੱਖੜੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ ਹੈ। ਉਨ੍ਹਾ ਕਿਹਾ, ”ਸਾਡੀ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਦਾ ਲਾਭ ਉਠਾਉਣ।” ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਪੰਜਾਬ ਭਰ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਅਤੇ ਸਮੁੱਚੇ ਮਹਿਲਾ ਵਿੰਗ ਦੇ ਸਮਰਪਿਤ ਯੋਗਦਾਨ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ ਓ ਨੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਮਾਨ ਸਰਕਾਰ ਵੱਲੋਂ ਕੀਤੇ ਗਏ ਕਈ ਲੋਕ-ਪੱਖੀ ਉਪਰਾਲਿਆਂ ‘ਤੇ ਚਾਨਣਾ ਪਾਇਆ।