ਸੁਲਤਾਨਪੁਰ ਲੋਧੀ
(ਬਲਵਿੰਦਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ)
ਪੰਜਾਬ ਦੀਆਂ ਭਖਦੀਆਂ ਮੰਗਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ‘ਤੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਿਸਾਨ ਸਭਾ ਵੀ ਇਸ ਸੰਘਰਸ਼ ਵਿੱਚ ਆਪਣੀ ਪੂਰੀ ਤਾਕਤ ਨਾਲ ਸ਼ਮੂਲੀਅਤ ਕਰ ਰਹੀ ਹੈ। ਇਸ ਸੰਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਤਰਲੋਕ ਸਿੰਘ ਭਬਿਆਣਾ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਗਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰਾਂ ‘ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ। ਐਡਵੋਕੇਟ ਰਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸੰਬੰਧਤ ਸਮਝੌਤਿਆਂ ਨੂੰ ਰੱਦ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਡਾ. ਐੱਮ ਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਵਰਗੀਆਂ ਮੰਗਾਂ ‘ਤੇ ਸਰਕਾਰਾਂ ਨੂੰ ਤੁਰੰਤ ਫ਼ੈਸਲੇ ਕਰਨੇ ਚਾਹੀਦੇ ਹਨ। ਐਡਵੋਕੇਟ ਰਾਣਾ ਨੇ ਆਪਣੇ ਸਾਥੀਆਂ ਨਾਲ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ। ਉਨ੍ਹਾ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਨਾਲ ਸੰਘਰਸ਼ ਕਰਨਾ ਹੀ ਸਭ ਤੋਂ ਵੱਡੀ ਤਾਕਤ ਹੈ। ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਅਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਰਾਜਵੀਰ, ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ, ਮਾਸਟਰ ਸ਼ਿੰਗਾਰ ਸਿੰਘ, ਮਹਿੰਦਰ ਸਿੰਘ ਮੋਖੇ, ਜਗਜੀਤ ਸਿੰਘ ਬਿਧੀਪੁਰ, ਸੁਖਵਿੰਦਰ ਸਿੰਘ ਸ਼ਹਿਰੀ, ਅਜੀਤ ਸਿੰਘ ਔਜਲਾ, ਜਗਰੂਪ ਸਿੰਘ ਮੋਖੇ, ਕੁਲਦੀਪ ਸਿੰਘ ਡਿਪਟੀ, ਮਹਿੰਗਾ ਸਿੰਘ ਠੱਟਾ, ਮੇਜਰ ਸਿੰਘ ਚੱਕ ਕੋਟਲਾ, ਸੁਖਦੇਵ ਸਿੰਘ, ਸੁਰਜੀਤ ਸਿੰਘ ਠੱਟਾ, ਪਿਆਰਾ ਸਿੰਘ ਠੱਟਾ ਤੇ ਸਰਵਣ ਸਿੰਘ ਨੰਬਰਦਾਰ ਆਦਿ ਮੌਜੂਦ ਸਨ।




