ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦੇਣ ‘ਤੇ ਮਾਣ : ਮਾਨ

0
2

ਜਲੰਧਰ (ਸ਼ੈਲੀ ਐਲਬਰਟ,
ਸੁਰਿੰਦਰ ਕੁਮਾਰ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਪੰਜਾਬ ਪੁਲਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੁਜ਼ਗਾਰ ਦੇਣ ਅਤੇ ਪੁਲਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਪੁਲਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐੱਸ ਆਈ ਅਤੇ ਏ ਐੱਸ ਆਈ ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ਸੜਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ-ਨਾਲ ਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਇਰਾਦੇ ਸਪੱਸ਼ਟ ਕਰਦਾ ਹੈ। ਪੀ ਏ ਪੀ ਗਰਾਊਂਡ ਫਿਲੌਰ ਵਿਖੇ 1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਸ ਦੇ ਪਰਵਾਰ ਦਾ ਅਨਿੱਖੜਵਾਂ ਅੰਗ ਬਣਨ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦੇਣ ‘ਤੇ ਮਾਣ ਹੈ, ਜੋ ਸੂਬੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾ ਕਿਹਾ, ‘ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ। ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦਿੰਦੀ ਹੈ, ਜੋ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।’ ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।