ਚਵਿੰਡਾ ਦੇਵੀ (ਖੁਸ਼ਹਾਲ ਸੁੰਦਰ)
ਸੀ ਪੀ ਆਈ ਵੱਲੋਂ ਚਲਾਈ ਜਾ ਰਹੀ ‘ਬਦਲਾਅ ਜ਼ਰੂਰੀ ਹੈ’ ਮੁਹਿੰਮ ਤਹਿਤ ਸ਼ਨੀਵਾਰ ਨੂੰ ਪਿੰਡ ਦੁਧਾਲਾ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਰਵੀਂ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਦਰਿੰਦਰ ਸਿੰਘ ਦੁਧਾਲਾ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਸਾਬਕਾ ਸਟੇਟ ਐਗਜ਼ੈਕਟਿਵ ਮੈਂਬਰ ਕਾਮਰੇਡ ਬਲਵਿੰਦਰ ਸਿੰਘ ਦੁਧਾਲਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਦੋਂ ਵੀ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸੰਘਰਸ਼ ਕੀਤਾ ਤਾਂ ਸਰਕਾਰ ਨੂੰ ਆਪਣੇ ਫ਼ੈਸਲਿਆਂ ਤੋਂ ਪਿੱਛੇ ਹਟਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਏਕਤਾ ਅੱਗੇ ਵੱਡੇ ਤੋਂ ਵੱਡੇ ਸੱਤਾ ਦੇ ਹੰਕਾਰੀ ਨੂੰ ਵੀ ਝੁਕਣਾ ਪੈਂਦਾ ਹੈ। ਹੁਣ ਸਮਾਂ ਹੈ ਕਿ ਲੋਕ ਆਪਣੇ ਹੱਕਾਂ ਲਈ ਇੱਕਜੁੱਟ ਹੋ ਕੇ ਅਜਿਹੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਜੋ ਆਮ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਕਾਮਰੇਡ ਦੁਧਾਲਾ ਨੇ 1 ਸਤੰਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ। ਸੀ ਪੀ ਆਈ ਮਜੀਠਾ ਦੇ ਸਕੱਤਰ ਬਲਕਾਰ ਸਿੰਘ ਦੁਧਾਲਾ ਨੇ ਕਿਹਾ ਕਿ ਸਿਰਫ਼ ਸਰਕਾਰਾਂ ਜਾਂ ਪਾਰਟੀਆਂ ਬਦਲਣ ਨਾਲ ਬਦਲਾਅ ਨਹੀਂ ਆਉਂਦਾ, ਬਲ ਕਿ ਲੋਕ ਪੱਖੀ ਨੀਤੀਆਂ ਲਾਗੂ ਕਰਨ ਨਾਲ ਅਸਲ ਬਦਲਾਅ ਆਉਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤੀ ਨੂੰ ਲੋਕਾਂ ਦੇ ਹਿੱਤਾਂ ਵੱਲ ਮੋੜਨ ਲਈ ਕਮਿਊਨਿਸਟ ਵਿਚਾਰਧਾਰਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ, ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮਿਲਣੀ ਚਾਹੀਦੀ ਹੈ। ਲੋਕਾਂ ਦਾ ਪੈਸਾ ਕੁਝ ਖ਼ਾਸ ਵਰਗਾਂ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ‘ਤੇ ਖਰਚ ਹੋਣਾ ਚਾਹੀਦਾ ਹੈ। ਇਸ ਮੌਕੇ ਸਤਨਾਮ ਸਿੰਘ, ਜਸਵੰਤ ਸਿੰਘ ਬਾਉ, ਨਿਸ਼ਾਨ ਸਿੰਘ, ਧਰਮ ਸਿੰਘ, ਧੀਰ ਸਿੰਘ, ਮਾਇਆ ਕੌਰ, ਮੈਂਬਰ ਪੰਚਾਇਤ ਕੁਲਵਿੰਦਰ ਕੌਰ, ਦਲਬੀਰ ਕੌਰ ਅਤੇ ਦਿਲਬਾਗ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਕਾਨੂੰਨਾਂ ਵਿੱਚ ਕੀਤੀਆਂ ਤਬਦੀਲੀਆਂ ਅਤੇ ਠੇਕੇਦਾਰੀ ਪ੍ਰਬੰਧ ਨੂੰ ਲੈ ਕੇ ਸਰਕਾਰਾਂ ਦੀਆਂ ਨੀਤੀਆਂ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵੱਡਾ ਵਾਧਾ ਕੀਤਾ ਹੈ। ਅਖੀਰ ਵਿੱਚ ਕਾਮਰੇਡ ਦਰਿੰਦਰ ਸਿੰਘ ਦੁਧਾਲਾ ਨੇ ਮੀਟਿੰਗ ਵਿੱਚ ਪਹੁੰਚੇ ਸਮੂਹ ਸਾਥੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।





