ਰਾਹੁਲ ਵਿਰੁੱਧ ਦਰਜ ਮਾਮਲੇ ਖਿਲਾਫ ਪ੍ਰਦਰਸ਼ਨ

0
9

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਮੰਗਲਵਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ‘ਸ਼ੁੱਧੀਕਰਨ’ ਵਿਵਾਦ ਨੂੰ ਲੈ ਕੇ ਦਰਜ ਕੀਤੀ ਗਈ ਐੱਫ ਆਈ ਆਰ ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਭੁਪਿੰਦਰ ਸਿੰਘ ਹੁੱਡਾ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਸਮੇਤ ਸੀਨੀਅਰ ਕਾਂਗਰਸੀ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਦੌਰਾਨ ਕਈ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ। ਉਤਰਾਖੰਡ ਦੀ ਹਲਦਵਾਨੀ ਸਿਟੀ ਕੋਤਵਾਲੀ ਪੁਲਸ ਨੇ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ਵਿੱਚ ‘ਸ਼ੁੱਧੀਕਰਨ ਰਸਮ’ ਬਾਰੇ ਉਨ੍ਹਾ ਦੀਆਂ ਟਿੱਪਣੀਆਂ ਸਬੰਧੀ ਇੱਕ ਸ਼ਿਕਾਇਤ ਦੇ ਆਧਾਰ ‘ਤੇ ਐੱਫ ਆਈ ਆਰ ਦਰਜ ਕੀਤੀ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਇੱਕ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਰਾਹੁਲ ਖ਼ਿਲਾਫ਼ ਇਹ ਸ਼ਿਕਾਇਤ ਹਲਦਵਾਨੀ ਦੀ ਜਵਾਹਰ ਨਗਰ ਕਲੋਨੀ ਦੇ ਰਹਿਣ ਵਾਲੇ ਅਤੇ ਵਾਲਮੀਕਿ ਭਾਈਚਾਰੇ ਨਾਲ ਸੰਬੰਧਤ 26 ਸਾਲਾ ਅਮਿਤ ਕੁਮਾਰ ਵੱਲੋਂ ਦਰਜ ਕਰਵਾਈ ਗਈ ਸੀ। ਅਮਿਤ ਕੁਮਾਰ ‘ਸ੍ਰੀ ਰਾਮ ਸੇਵਾ ਧਰਮਾਰਥ ਸੇਵਾ ਨਿਆਸ’ ਸੰਸਥਾ ਦੇ ਅਹੁਦੇਦਾਰ ਵਜੋਂ ਸੇਵਾ ਨਿਭਾ ਰਹੇ ਹਨ। ਅਮਿਤ ਕੁਮਾਰ ਨੇ ਦੋਸ਼ ਲਾਇਆ ਕਿ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਦੀਆਂ ਟਿੱਪਣੀਆਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।