ਚੰਡੀਗੜ੍ਹ (ਨ ਜ਼ ਸ)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ।ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ ਨਿੰਦਾ ਕਰਦਿਆਂ ‘ਆਪ’ ਆਗੂਆਂ ਕਿਹਾ ਕਿ 1984 ਦਾ ਕਤਲੇਆਮ ਸਿੱਖ ਪਰਵਾਰਾਂ ਲਈ ਇੱਕ ਕਦੇ ਨਾ ਭਰਨ ਵਾਲਾ ਜ਼ਖ਼ਮ ਹੈ ਅਤੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
‘ਆਪ’ ਨੇ ਮੰਗ ਕੀਤੀ ਕਿ ਭਾਜਪਾ ਆਪਣੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ।ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੀ ਰਿਹਾਇਸ਼ ਬਾਹਰ ਧਰਨਾ ਦਿੱਤਾ ਅਤੇ ਉਨ੍ਹਾ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿੱਚ ਭਾਜਪਾ ਆਗੂਆਂ ਦੀ ਸ਼ਮੂਲੀਅਤ ਪੀੜਤ ਪਰਵਾਰਾਂ ਲਈ ਬੇਹੱਦ ਦੁਖਦਾਈ ਹੈ।ਜਲੰਧਰ ਵਿੱਚ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਦਾ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੋਣਾ ਇਹ ਦਰਸਾਉਂਦਾ ਹੈ ਕਿ ਭਾਜਪਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ‘ਤੇ ਕਿੱਥੇ ਖੜ੍ਹੀ ਹੈ। ਲੁਧਿਆਣਾ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਨੇ ਪੀੜਤ ਪਰਵਾਰਾਂ ਦੇ ਹਿਰਦਿਆਂ ਨੂੰ ਹੋਰ ਵਲੂੰਧਰਿਆ ਹੈ।





