ਦਿੱਲੀ ਵਾਂਗ ਚੱਲੇਗਾ ਮੁਹਾਲੀ-ਚੰਡੀਗੜ੍ਹ ਦਾ ਮੋਰਚਾ

0
6

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਹਾਲੀ ਦੇ ਫੇਜ਼ 11 ਤੋਂ ਲੈ ਕੇ ਚੰਡੀਗੜ੍ਹ ਦੇ ਸੈਕਟਰ 48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਪੱਕੇ ਡੇਰੇ ਲਾਏ ਜਾਣ ਕਾਰਨ ਮੁਹਾਲੀ ਪੁਲਸ ਨੇ ਸੜਕ ਦਾ ਇੱਕ ਪਾਸਾ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ ਹੈ। ਚੰਡੀਗੜ੍ਹ ਪੁਲਸ ਨੇ ਸੈਕਟਰ 48 ਦੀ ਸੜਕ ‘ਤੇ ਕਿਸਾਨਾਂ ਦੀ ਸਟੇਜ ਅਤੇ ਪੰਡਾਲ ਦੇ ਪਿਛਲੇ ਪਾਸੇ ਕੰਡੇਦਾਰ ਤਾਰਾਂ ਦੀ ਤੀਹਰੀ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਇੱਥੇ ਆਰ ਏ ਐੱਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਾਲਾਂਕਿ, ਕਿਸਾਨ ਆਗੂਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦੇਣਗੇ ਅਤੇ ਸੜਕ ਦੇ ਦੂਜੇ ਹਿੱਸੇ ‘ਤੇ ਟਰੈਫਿਕ ਚਾਲੂ ਰੱਖਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨੀ ਅਤੇ ਪੰਜਾਬ ਨਾਲ ਸੰਬੰਧਤ ਭਖਦੇ ਮੁੱਦਿਆਂ ‘ਤੇ ਚੰਡੀਗੜ੍ਹ-ਮੁਹਾਲੀ ਹੱਦ ‘ਤੇ ਸੱਤ ਦਿਨਾ ਪੱਕਾ ਮੋਰਚਾ ਸ਼ੁਰੂ ਕੀਤਾ ਹੈ। ਪੰਜਾਬ ਭਰ ਤੋਂ ਸੈਂਕੜੇ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚੇ ਕਿਸਾਨਾਂ ਨੇ 2 ਕਿੱਲੋਮੀਟਰ ਤੋਂ ਵੱਧ ਲੰਮੇ ਖੇਤਰ ਵਿੱਚ ਆਪਣੇ ਰਹਿਣ-ਸਹਿਣ ਦਾ ਪੂਰਾ ਇੰਤਜ਼ਾਮ ਕਰ ਲਿਆ ਹੈ। ਇਸ ਮੋਰਚੇ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਲ ਹਨ। ਇਸ ਦੌਰਾਨ ਏਅਰਪੋਰਟ ਰੋਡ ‘ਤੇ ਕਿਸਾਨਾਂ ਦੇ ਵੱਡੀ ਗਿਣਤੀ ਟਰੈਕਟਰ-ਟਰਾਲੀਆਂ ਦੇਖਣ ਨੂੰ ਮਿਲ ਰਹੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਦੀ ਤਰਜ਼ ‘ਤੇ ਰੋਜ਼ਾਨਾ ਚਾਰ ਘੰਟੇ ਸਟੇਜ ਚਲਾਈ ਜਾਵੇਗੀ, ਜਿਸ ਦਾ ਮੰਚ ਸੰਚਾਲਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵਾਰੋ-ਵਾਰੀ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਉਗਰਾਹਾਂ ਧੜੇ ਨੂੰ ਛੱਡ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਸਾਰੀਆਂ ਜਥੇਬੰਦੀਆਂ ਇਸ ਸੰਘਰਸ਼ ਵਿੱਚ ਸਰਗਰਮੀ ਨਾਲ ਸ਼ਾਮਲ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ ਹਨ : ਪੰਜਾਬ ਦੇ ਪਾਣੀਆਂ ਦੇ ਸਮਝੌਤੇ ਰੱਦ ਕੀਤੇ ਜਾਣ, ਸਾਰੀਆਂ ਫਸਲਾਂ ‘ਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਬੀ ਬੀ ਐੱਮ ਬੀ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕੀਤੀ ਜਾਵੇ।
ਇਸ ਤੋਂ ਇਲਾਵਾ, ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖਤ ਨਿਖੇਧੀ ਕਰਦਿਆਂ ਮੁਲਾਜ਼ਮਾਂ ਦਾ ਡਟਵਾਂ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੇਂਦਰ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਧਰਨਾ 7 ਸਤੰਬਰ ਤੋਂ ਬਾਅਦ ਵੀ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾ ਸਕਦਾ ਹੈ। ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਚਲਾਕੀ, ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਮੁਹਾਲੀ ਪ੍ਰਸ਼ਾਸਨ ‘ਤੇ ਸਹਿਯੋਗ ਨਾ ਦੇਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਵਾਅਦੇ ਮੁਤਾਬਕ ਬਿਜਲੀ ਅਤੇ ਸਫਾਈ ਦਾ ਪ੍ਰਬੰਧ ਕੀਤਾ ਹੈ, ਉੱਥੇ ਹੀ ਮੁਹਾਲੀ ਪ੍ਰਸ਼ਾਸਨ ਨੇ ਅਜੇ ਤੱਕ ਬਿਜਲੀ, ਮੋਬਾਈਲ, ਪਖਾਨੇ, ਸਫਾਈ ਅਤੇ ਫੌਗਿੰਗ ਵਰਗੀ ਕੋਈ ਵੀ ਸਹੂਲਤ ਮੁਹੱਈਆ ਨਹੀਂ ਕਰਵਾਈ। ਚੰਡੀਗੜ੍ਹ ਟਰੈਫਿਕ ਪੁਲਸ ਨੇ ਫੈਦਾਂ ਬੈਰੀਅਰ ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਦੇ ਹਿੱਸੇ ‘ਤੇ ਟਰੈਫਿਕ ਨੂੰ ਪੂਰੀ ਤਰ੍ਹਾਂ ਡਾਇਵਰਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਟੀ-ਪੁਆਇੰਟ, ਸੈਕਟਰ 48 ਲਾਈਟ ਪੁਆਇੰਟ (ਵਾਈਨ ਸ਼ਾਪ ਨੇੜੇ) ਤੋਂ ਸੈਕਟਰ 48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੀਮਤ ਕੀਤਾ ਗਿਆ ਹੈ। ਸੈਕਟਰ 48/49 ਅਤੇ ਸੈਕਟਰ 49/50 ਦੀਆਂ ਵੰਡਣ ਵਾਲੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਆਵਾਜਾਈ ‘ਤੇ ਵੀ ਪਾਬੰਦੀ ਲਗਾਈ ਗਈ ਹੈ।