ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸੁਮਨ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਕਿਹਾ, ‘ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।’




