ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰੇ ਉੱਤੇ ਚੰਡੀਗੜ੍ਹ ਪਹੁੰਚ ਰਹੇ ਹਨ। ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਇਹ ਉਨ੍ਹਾ ਦਾ ਪਹਿਲਾ ਦੌਰਾ ਹੋਵੇਗਾ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰੇ ਨੂੰ ਕਾਂਗਰਸ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ, ਸੂਬੇ ਦੀ ਅੰਦਰੂਨੀ ਸਿਆਸਤ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਆਪਣੇ ਇਸ ਦੌਰੇ ਦੌਰਾਨ ਸਚਿਨ ਪਾਇਲਟ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਕਾਂਗਰਸ ਪਾਰਟੀ ਵੱਲੋਂ ਸੰਗਰੂਰ ਸੁਸਾਈਡ ਕੇਸ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਾ ਘਿਰਾਓ ਕੀਤਾ ਜਾਣਾ ਹੈ। ਇਸ ਪ੍ਰਦਰਸ਼ਨ ਵਿੱਚ ਸਚਿਨ ਪਾਇਲਟ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹਿਣਗੇ।




