ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

0
1

ਅੰਮ੍ਰਿਤਸਰ (ਨਵਾਂ ਜ਼ਮਾਨਾ ਸਰਵਿਸ)
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸ਼ਨੀਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਸੰਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਰਾਮਸਰ ਸਾਹਿਬ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਗਈ ਸੀ। 1604 ਵਿੱਚ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਗਿਆ ਸੀ ਅਤੇ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ। ਅੱਜ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਕਾਰਜਕਾਰੀ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਸੰਗਤਾਂ ਨੂੰ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨਾਂ ਤੇ ਸਿੰਘ ਸਾਹਿਬਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਸਰੂਪ ਵਿੱਚ ਸਜਾਇਆ ਗਿਆ ਹੈ।