ਚੰਡੀਗੜ੍ਹ : ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ ਦੇਰ ਰਾਤ ਕਰੀਬ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ, ਜਿੱਥੇ ਹਮਲਾਵਰਾਂ ਨੇ ਗਾਇਕ ਦੇ ਘਰ ਦੇ ਮੁੱਖ ਗੇਟ ‘ਤੇ ਲਗਾਤਾਰ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਗੋਲੀਆਂ ਦੇ ਨਿਸ਼ਾਨ ਘਰ ਦੇ ਮੁੱਖ ਲੋਹੇ ਦੇ ਗੇਟ ‘ਤੇ ਸਾਫ਼ ਦੇਖੇ ਜਾ ਸਕਦੇ ਹਨ। ਵਾਰਦਾਤ ਸਮੇਂ ਗਾਇਕ ਗੁਲਾਬ ਸਿੱਧੂ ਘਰ ਵਿੱਚ ਮੌਜੂਦ ਨਹੀਂ ਸਨ ਅਤੇ ਪਰਵਾਰਕ ਮੈਂਬਰਾਂ ਮੁਤਾਬਕ ਉਹ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ ਅਤੇ ਪ੍ਰੋਗਰਾਮਾਂ ਦੇ ਸਿਲਸਿਲੇ ਵਿੱਚ ਵਿਦੇਸ਼ ਗਏ ਹੋਏ ਹਨ। ਕੁਝ ਸਮਾਂ ਪਹਿਲਾਂ ਗੁਲਾਬ ਸਿੱਧੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸੇ ਆਧਾਰ ‘ਤੇ ਪੁਲਸ ਇਸ ਪੂਰੀ ਘਟਨਾ ਨੂੰ ਪੁਰਾਣੀਆਂ ਧਮਕੀਆਂ ਅਤੇ ਗੈਂਗਸਟਰ ਐਂਗਲ ਨਾਲ ਜੋੜ ਕੇ ਜਾਂਚ ਕਰ ਰਹੀ ਹੈ।




