ਚੰਡੀਗੜ੍ਹ (ਨ ਜ਼ ਸ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਵੱਲੋਂ 18 ਸਤੰਬਰ ਤੋਂ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਕੱਢੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਸਪਲਾਈ ਕਰਨ ਵਾਲੇ ਹੀ ਨਸ਼ਿਆਂ ਵਿਰੁੱਧ ਯਾਤਰਾ ਕੱਢ ਰਹੇ ਹਨ।
ਉਨ੍ਹਾ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਦਾ 533 ਕਿੱਲੋਮੀਟਰ ਇਲਾਕਾ ਕੌਮਾਂਤਰੀ ਸਰਹੱਦ ਨਾਲ ਲੱਗਦਾ ਹੈ। ਸਰਹੱਦ ਪਾਰੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਪੰਜਾਬ ਪੁਲਸ ਵੱਲੋਂ ਕਾਬੂ ਕੀਤਾ ਜਾਂਦਾ ਹੈ, ਪਰ ਕੇਂਦਰੀ ਗ੍ਰਹਿ ਮੰਤਰੀ ਦੇ ਗ੍ਰਹਿ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਤੋਂ 2-3 ਹਜ਼ਾਰ ਕਿੱਲੋ ਨਸ਼ੀਲੇ ਪਦਾਰਥ ਫੜੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਮੱਧ ਪ੍ਰਦੇਸ਼, ਰਾਜਸਥਾਨ ਤੇ ਗੁਜਰਾਤ ਵਿੱਚੋਂ ਵੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਨੂੰ ਹੀ ਸੰਭਾਲ ਲੈਣ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਹੁਣ ਵੀ ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਯਾਤਰਾ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ”ਨਾਲੇ ਤੁਸੀਂ ਨਸ਼ੀਲੇ ਪਦਾਰਥ ਸਪਲਾਈ ਕਰੀ ਜਾਓ ਅਤੇ ਨਾਲੇ ਨਸ਼ਾਮੁਕਤ ਪੰਜਾਬ ਯਾਤਰਾ ਕੱਢੀ ਜਾਓ।” ਪੰਜਾਬ ਦੇ ਲੋਕ ਸੂਝਵਾਨ ਤੇ ਸਮਝਦਾਰ ਹਨ, ਉਹ ਭਾਜਪਾ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਦੇਸ਼ ਭਰ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਸਮੱਗਰੀ ਦਾ 60 ਫੀਸਦ ਹਿੱਸਾ ਪੰਜਾਬ ਪੁਲਸ ਵੱਲੋਂ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਇੱਕ ਵਫਦ ਨੇ ਸੋਮਵਾਰ ਡੀ ਜੀ ਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਅਤੇ 18 ਤੋਂ 30 ਸਤੰਬਰ ਤੱਕ ਪਾਰਟੀ ਦੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਲਈ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
ਕੇਂਦਰੀ ਮੰਤਰੀ ਅਮਿਤ ਸ਼ਾਹ, ਸ਼ਿਵਰਾਜ ਸਿੰਘ ਚੌਹਾਨ, ਅਰਜੁਨ ਮੇਘਵਾਲ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸਮੇਤ ਸੀਨੀਅਰ ਭਾਜਪਾ ਆਗੂ ਵੱਖ-ਵੱਖ ਥਾਵਾਂ ‘ਤੇ ਇਨ੍ਹਾਂ ਯਾਤਰਾਵਾਂ ਵਿੱਚ ਸ਼ਾਮਲ ਹੋਣਗੇ।




