ਚੰਡੀਗੜ੍ਹ/ਪਟਿਆਲਾ (ਗੁਰਜੀਤ ਬਿੱਲਾ, ਸੁਰਜੀਤ ਸੁਮਨ/ਰਾਜਿੰਦਰ ਸਿੰਘ ਥਿੰਦ)-ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਕੁਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਦੀ ਅਗਵਾਈ ਹੇਠ ਮੰਗਲਵਾਰ ਨੂੰ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ‘ਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ।ਹਾਲਾਂਕਿ ਭਾਰੀ ਪੁਲਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੀਮਾ ਦੇ ਘਰ ਪਹੁੰਚਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ।ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਸੀਨੀਅਰ ਆਗੂ ਕੁਲਜੀਤ ਨਾਗਰਾ ਸਮੇਤ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ।ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦੀ ਵਿੱਤ ਮੰਤਰੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਪਰ ਅਸੀਂ ਸਵਾਲ ਕਰਦੇ ਹਾਂ ਕਿ ਜਦੋਂ ਕਿਸੇ ਵਿਅਕਤੀ ਨੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਮੰਤਰੀ ਦਾ ਨਾਂਅ ਲਿਆ ਹੈ ਤਾਂ ਕੀ ਕਾਨੂੰਨ ਐੱਫ.ਆਈ.ਆਰ. ਦਰਜ ਕਰਕੇ ਵਿਸਥਾਰਪੂਰਵਕ ਜਾਂਚ ਦੀ ਮੰਗ ਨਹੀਂ ਕਰਦਾ?
ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਪੰਜਾਬ ਦੇ ਅਸਲ ਹਾਲਾਤ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਇੱਕ ਗ਼ਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਦਾ ਸ਼ਿਕਾਰ ਉਸ ਦਾ ਪੁੱਤਰ ਹੋ ਚੁੱਕਾ ਸੀ।
ਉਨ੍ਹਾ ਆਮ ਆਦਮੀ ਪਾਰਟੀ ਨੂੰ ਚੇਤੇ ਕਰਵਾਇਆ ਕਿ ਉਸ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ, ‘ਆਪ’ ਦੇ ਰਾਜ ਵਿੱਚ ਗੁਲਜ਼ਾਰ ਸਿੰਘ ਵਰਗੇ ਦਲਿਤ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਉਨ੍ਹਾਂ ਦਾਅਵਿਆਂ ਦੀ ਯਾਦ ਦਿਵਾਉਂਦਿਆਂ, ਜਿਨ੍ਹਾਂ ਵਿੱਚ ਉਨ੍ਹਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਾਇਲਟ ਨੇ ਕਿਹਾ ਕਿ ‘ਆਪ’ ਦੇ ਲੱਗਭੱਗ ਪੰਜ ਸਾਲਾਂ ਦੇ ਸ਼ਾਸਨ ਤੋਂ ਬਾਅਦ ਹੁਣ ਚਿੱਟਾ ਆਸਾਨੀ ਨਾਲ ਮਿਲ ਰਿਹਾ ਹੈ ਕਿ ਇਸ ਦੀ ਹੋਮ ਡਿਲੀਵਰੀ ਹੋ ਰਹੀ ਹੈ।ਥੋੜ੍ਹੇ ਸਮੇਂ ਦੇ ਸੱਦੇ ‘ਤੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਇਲਟ ਨੇ ਹਰੇਕ ਵਰਕਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐੱਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।
ਇਸ ਮੌਕੇ ਹਾਜ਼ਰ ਆਗੂਆਂ ਵਿੱਚ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐੱਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮੋਹਿੰਦਰਾ, ਵਿਜੈ ਇੰਦਰ ਸਿੰਗਲਾ, ਰਾਣਾ ਕੇ.ਪੀ. ਸਿੰਘ, ਡਾ. ਅਮਰ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਅਮਰਪ੍ਰੀਤ ਲਾਲੀ, ਲਖਵੀਰ ਸਿੰਘ ਲੱਖਾ, ਬਲਬੀਰ ਸਿੰਘ ਸਿੱਧੂ, ਅਮਿਤ ਵਿਜ, ਪਵਨ ਆਦੀਆ, ਸੁਖਵਿੰਦਰ ਸਿੰਘ ਸਰਕਾਰੀਆ, ਇੰਦਰਬੀਰ ਬੁਲਾਰੀਆ, ਗੁਰਕੀਰਤ ਸਿੰਘ, ਬਲਜੀਤ ਕੌਰ ਅਤੇ ਹੋਰ ਸ਼ਾਮਲ ਸਨ।
ਪਟਿਆਲਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸ ਆਗੂ ਸੰਜੀਵ ਬਿੱਟੂ ਆਪਣੇ ਸੈਕੜੇ ਸਾਥੀਆ ਸਮੇਤ ਕਾਫਲੇ ਸਮੇਤ ਸ਼ਾਮਿਲ ਹੋਏ! ਇਸ ਮੌਕੇ ਉਹਨਾਂ ਨੇ ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਅਤੇ ਬਿਜਲੀ ਪ੍ਰਬੰਧਨ ਦੀ ਨਾਕਾਮੀ ਨੂੰ ਲੈ ਕੇ ਆਪ ਸਰਕਾਰ ਖਿਲਾਫ ਜ਼ੋਰਦਾਰ ਹੱਲਾ ਬੋਲਿਆ।ਉਹਨਾਂ ਕਿਹਾ ਕਿ ਪੰਜਾਬ ਦੇ ਬਿਜਲੀ ਸੰਕਟ ਲਈ ਪੀ ਐਸ ਸੀ ਪੀ ਐਲ ਵਿੱਚ ਕਥਿਤ ਭ੍ਰਿਸ਼ਟਾਚਾਰ ਜ਼ਿੰਮੇਵਾਰ ਹੈ। ਰੈਲੀ ‘ਚ ਕਾਂਗਰਸ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਨਾ ਲਾਠੀਆਂ ਦਬਾ ਸਕਦੀਆਂ ਹਨ, ਨਾ ਪਾਣੀ ਦੀਆਂ ਬੁਛਾੜਾਂ ਅਤੇ ਨਾ ਹੀ ਗ੍ਰਿਫ਼ਤਾਰੀਆਂ।ਬਿਜਲੀ ਸੰਕਟ, ਕਥਿਤ ਭ੍ਰਿਸ਼ਟਾਚਾਰ, ਨਸ਼ਿਆਂ, ਗੈਂਗਸਟਰਵਾਦ ਅਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ





