ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਪਣੇ ਅੰਤਮ ਪੜਾਅ ‘ਤੇ : ਮਾਨ

0
1

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਪਣੇ ਅੰਤਮ ਪੜਾਅ ਵਿੱਚ ਦਾਖਲ ਹੋ ਗਈ ਹੈ। ਉਨ੍ਹਾ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ। ਇਸ ਸਬੰਧੀ ਉਚ-ਪੱਧਰੀ ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੁਲਸ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਮਿਲ ਕੇ ਨਸ਼ਾ ਵੇਚਣ ਵਾਲਿਆਂ, ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਜ਼ਮੀਨੀ ਪੱਧਰ ‘ਤੇ ਕਾਰਵਾਈ ਵਿੱਚ ਤੇਜ਼ੀ ਲਿਆਉਣ। ਉਨ੍ਹਾ ਕਿਹਾ ਕਿ ਇਹ ਲੜਾਈ ਹੁਣ ਸਿਰਫ਼ ਪੁਲਸ ਤੱਕ ਸੀਮਤ ਨਹੀਂ ਰਹੀ, ਸਗੋਂ ਲੋਕ ਲਹਿਰ ਬਣ ਗਈ ਹੈ, ਜਿਸ ਦਾ ਸਬੂਤ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਮਿਲਣ ਵਾਲੀ ਫੀਡਬੈਕ ਵਿੱਚ ਹੋਏ 41 ਫੀਸਦੀ ਵਾਧੇ ਤੋਂ ਮਿਲਦਾ ਹੈ, ਜੋ ਇਸ ਮੁਹਿੰਮ ਵਿੱਚ ਲੋਕਾਂ ਦੀ ਵਧ ਰਹੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਸ ਕਪਤਾਨਾਂ, ਪੁਲਸ ਕਮਿਸ਼ਨਰਾਂ ਅਤੇ ਆਈ ਜੀ ਪੀਜ਼/ ਡੀ ਆਈ ਜੀ ਨਾਲ ਵਰਡਚੂਅਲ ਗੱਲਬਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਪੰਜਾਬ ਸਿਰਜਣਾ ਬੇਹੱਦ ਜ਼ਰੂਰੀ ਹੈ, ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਹੋ ਕੇ ਜੀਅ ਸਕੇ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ, ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 74,230 ਸਰਗਰਮ ਮੈਂਬਰਾਂ ਵਾਲੀਆਂ 14,846 ਵਿਲੇਜ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ। ਇਹ ਕਮੇਟੀਆਂ ਨਸ਼ਿਆਂ ਵਿਰੁੱਧ ਲੋਕਾਂ ਦੀ ਇਸ ਸਾਂਝੀ ਲੜਾਈ ਦਾ ਇੱਕ ਅਹਿਮ ਥੰਮ੍ਹ ਬਣ ਗਈਆਂ ਹਨ। ਉਨ੍ਹਾ ਦੱਸਿਆ ਕਿ ਸਰਹੱਦੀ ਖੇਤਰਾਂ ਵਿੱਚ 36,814 ਮੈਂਬਰਾਂ ਵਾਲੀਆਂ 3,808 ਵਿਲੇਜ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ। ਇਨ੍ਹਾਂ ਖੇਤਰਾਂ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤੋੜਨ ਲਈ ਭਾਈਚਾਰਕ ਸ਼ਮੂਲੀਅਤ ਬੇਹੱਦ ਅਹਿਮ ਹੈ। ਮਾਨ ਨੇ ਦੱਸਿਆ ਕਿ ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਵੀ ਡੀ ਸੀਜ਼ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ 4,129 ਐੱਫ ਆਰ ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 5,589 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੇਫ ਪੰਜਾਬ ਐਪ ਨਸ਼ਿਆਂ ਨਾਲ ਸੰਬੰਧਤ ਗਤੀਵਿਧੀਆਂ ਦੀ ਸੂਚਨਾ ਦੇਣ ਲਈ ਨਾਗਰਿਕਾਂ ਵਾਸਤੇ ਅਹਿਮ ਸਾਧਨ ਵਜੋਂ ਉਭਰੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਦੌਰਾਨ ਇਸ ਐਪ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਲਗਭਗ 19,310 ਐੱਫ ਆਰ ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 25,138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ ਟੀ ਓ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ ਤੋਂ ਇਲਾਵਾ ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।