ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਬੁੱਧਵਾਰ ਨੂੰ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਕਮੇਟੀ ਦੇ ਗਠਨ ਬਾਰੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕਮੇਟੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।




