ਸ੍ਰੀ ਆਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਕੇਸ ਪੰਜਾਬ ਦੇ ਮਾਲਵਾ ਖੇਤਰ ਦੀ ਇੱਕ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਨੇ ਇਨ੍ਹਾਂ ਦੋਸ਼ਾਂ ਸੰਬੰਧੀ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਆਪਣੇ ਬਿਆਨ ਵੀ ਦਰਜ ਕਰਵਾਏ ਹਨ। ਚਾਵਲਾ ਵਿਰੁੱਧ ਬੀ ਐੱਨ ਐੱਸ ਦੀਆਂ ਧਾਰਾਵਾਂ 63, 64, 127(2), ਅਤੇ 351(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਚਾਵਲਾ ਨੇ ਦੋਸ਼ਾਂ ਨੂੰ ਨਕਾਰਦਿਆਂ ਇਨ੍ਹਾਂ ਨੂੰ ਮਨਘੜਤ ਕਰਾਰ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ ਅਤੇ ਕਿਹਾ ਕਿ ਉਹ ਅਦਾਲਤ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨਗੇ। ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਕੇਸ ਕਾਰਨ ਉਨ੍ਹਾਂ ਦੀ ਪਾਰਟੀ ਲਈ ਕੋਈ ਮੁਸ਼ਕਲ ਖੜ੍ਹੀ ਹੋਵੇ। ਚਾਵਲਾ ਨੇ ਕਿਹਾ ਮੈਂ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਭਾਈ ਚਾਵਲਾ ਨੇ ਕਿਹਾ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਦੋਸ਼ ਮੁਕਤ ਹੋਣ ਤੋਂ ਬਾਅਦ ਹੀ ਉਹ ਮੁੜ ਸੇਵਾ ਕਰਨਗੇ।ਭਾਈ ਚਾਵਲਾ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਸੰਘਰਸ਼ਮਈ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਸੇਵਾ ਨੂੰ ਉਨ੍ਹਾਂ ਨੇ ਹਮੇਸ਼ਾ ਤਨਦੇਹੀ ਨਾਲ ਨਿਭਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਕੋਈ ਸਿਰ-ਪੈਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਦੀ ਅਸਲੀਅਤ ਉਹ ਜਲਦੀ ਹੀ ਲੋਕਾਂ ਦੇ ਸਾਹਮਣੇ ਲਿਆਉਣਗੇ।




