ਚੰਡੀਗੜ੍ਹ (ਗੁਰਜੀਤ ਬਿੱਲਾ) : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਕੁਝ ਬੁਨਿਆਦੀ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਪੁਛਿਆ ਕਿ ਉਹ ਗੁਜਰਾਤ ਅਤੇ ਰਾਜਸਥਾਨ ਨਾਲ ਜੁੜੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਰੋਕਣ ਵਿੱਚ ਕਿਉਂ ਅਸਫਲ ਰਹੀ ਹੈ ਜਦੋਂ ਕਿ 55 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦੀ ਪੱਟੀ ਬੀ ਐਸ ਐਫ ਦੇ ਅਧੀਨ ਆਉਂਦੀ ਹੈ ਤਾਂ ਉਹ ਪੰਜਾਬ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ । ਉਹ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਵੱਲ ਕਿਉਂ ਬਹਾਉਣਾ ਚਾਹੁੰਦੀ ਹੈ? ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ‘ਤੇ ਭਾਸ਼ਣ ਦੇਣ ਦੀ ਕੋਸ਼ਿਸ਼ ਕਰਨ ਤੋਂ ਪਹਿਲਾਂ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਕੇਂਦਰ ਦੀ ਜ਼ਿੰਮੇਵਾਰੀ ਅਧੀਨ ਆਉਂਦੀ ਸਰਹੱਦ ਨੂੰ ਸੁਰੱਖਿਅਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਹੱਕਾਂ ‘ਤੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ।ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ, ਐਂਟੀ-ਡਰੋਨ ਪ੍ਰਣਾਲੀਆਂ ਦੀ ਤਾਇਨਾਤੀ ਅਤੇ ਸੂਬੇ ਤੋਂ ਬਾਹਰ ਵੀ ਤਸਕਰਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮਾਰਚ ਕੱਢਣ ਤੋਂ ਪਹਿਲਾਂ ਆਪਣੇ ਰਾਜਾਂ ਵਿੱਚ ਨਸ਼ਾ ਨੈੱਟਵਰਕਾਂ ਵਿਰੁੱਧ ਕਾਰਵਾਈ ਕਰੇ ਅਤੇ ਸੁਰੱਖਿਆ ਨੂੰ ਮਜ਼ਬੂਤ ਕਰੇ।’ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਖਰੜ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ 2007 ਤੋਂ 2017 ਦਰਮਿਆਨ, ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਸੀ, ਉਦੋਂ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਦਾ ਵੱਡੇ ਪੱਧਰ ‘ਤੇ ਪਾਸਾਰ ਹੋਇਆ । ਉਸ ਦੌਰ ਵਿੱਚ ਚਿੱਟਾ ਸ਼ਬਦ ਸਾਹਮਣੇ ਆਇਆ ਅਤੇ ਪੰਜਾਬ ਭਰ ਵਿੱਚ ਸ਼ਰੇਆਮ ਨਸ਼ਾ ਵੰਡਿਆ ਜਾ ਰਿਹਾ ਸੀ। ਨਸ਼ਾ ਤਸਕਰੀ ਲਈ ਸਰਕਾਰੀ ਵਾਹਨਾਂ ਦੀ ਵੀ ਦੁਰਵਰਤੋਂ ਕੀਤੀ ਜਾ ਰਹੀ ਸੀ। ਜਦੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਚੱਲ ਰਹੀ ਸੀ, ਤਾਂ ਜਲੰਧਰ ਤੋਂ ਈ ਡੀ ਦੇ ਇੱਕ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਸੀ।ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭੂਮਿਕਾ ‘ਤੇ ਸਵਾਲ ਚੁੱਕਦਿਆਂ ਚੀਮਾ ਨੇ ਕਿਹਾ ਕਿ ਪਾਕਿਸਤਾਨ ਸਰਹੱਦ ਨਾਲ ਲੱਗਦੀ 55 ਕਿਲੋਮੀਟਰ ਦੀ ਪੱਟੀ ਬੀ ਐਸ ਐਫ ਦੇ ਅਧੀਨ ਆਉਂਦੀ ਹੈ। ਇਸ ਖੇਤਰ ਵਿੱਚ ਕੇਂਦਰ ਦੀ ਸਿੱਧੀ ਜ਼ਿੰਮੇਵਾਰੀ ਹੋਣ ਦੇ ਬਾਵਜੂਦ, ਭਾਜਪਾ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ, ਭਗਵੰਤ ਸਿੰਘ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਸ਼ੁਰੂ ਕਰਨ ਸਮੇਤ ਪੰਜਾਬ ਪੁਲਿਸ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕੀਤਾ ਹੈ। ਚੀਮਾ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਬਰਾਮਦ ਕੀਤੀਆਂ ਗਈਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਦੇ ਤਾਰ ਅਕਸਰ ਗੁਜਰਾਤ ਅਤੇ ਰਾਜਸਥਾਨ ਨਾਲ ਜੁੜਦੇ ਰਹੇ ਹਨ, ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ। ਗੁਲਜ਼ਾਰ ਸਿੰਘ ਦੀ ਮੌਤ ਨਾਲ ਸਬੰਧਤ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਾਸ਼ਾਂ ‘ਤੇ ਸਿਆਸਤ ਕਰ ਰਹੀ ਹੈ ਅਤੇ ਮੇਰਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।




