ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਜਬਰ-ਜ਼ਨਾਹ ਦਾ ਮਾਮਲਾ ਦਰਜ ਹੋਣ ਮਗਰੋਂ ਕੈਨੇਡਾ ਪਹੁੰਚ ਗਏ ਹਨ। ਆਨੰਦਪੁਰ ਸਾਹਿਬ ਦੇ ਥਾਣੇ ‘ਚ ਉਨ੍ਹਾ ਖਿਲਾਫ ਜਬਰ-ਜ਼ਨਾਹ ਦਾ ਮਾਮਲਾ 20 ਅਗਸਤ ਨੂੰ ਦਰਜ ਹੋ ਗਿਆ ਸੀ, ਪਰ ਪੁਲਸ ਨੇ ਉਨ੍ਹਾਂ ਨੂੰ ਭਿਣਕ ਤੱਕ ਨਹੀਂ ਪੈਣ ਦਿੱਤੀ। ਹੁਣ ਜਦੋਂ ਪੁਲਸ ਚਾਵਲਾ ਦੀ ਭਾਲ ‘ਚ ਜੁਟੀ ਤਾਂ ਪਤਾ ਲੱਗਿਆ ਹੈ ਕਿ ਚਾਵਲਾ ਦੇਸ਼ ਤੋਂ ਬਾਹਰ ਜਾ ਚੁੱਕੇ ਹਨ।
ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਚਾਵਲਾ 13 ਸਤੰਬਰ ਨੂੰ ਕੈਨੇਡਾ ਪਹੁੰਚ ਗਏ ਸਨ। ਪੰਜਾਬ ਪੁਲਸ ਉਨ੍ਹਾ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਤਿਆਰੀ ਕਰ ਰਹੀ ਸੀ, ਜਿਸ ਦੌਰਾਨ ਚਾਵਲਾ ਦੇ ਕੈਨੇਡਾ ਪੁੱਜਣ ਦਾ ਪਤਾ ਚੱਲਿਆ। ਚਾਵਲਾ ਖਿਲਾਫ ਕੇਸ ਸੰਗਰੂਰ ਜ਼ਿਲ੍ਹੇ ਦੀ ਇੱਕ ਔਰਤ ਦੀ ਸ਼ਿਕਾਇਤ ‘ਤੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਥਾਣੇ ‘ਚ ਦਰਜ ਕੀਤਾ ਗਿਆ ਹੈ। ਇਸ ਔਰਤ ਨੇ ਚਾਵਲਾ ‘ਤੇ ਵਾਰ-ਵਾਰ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ।
ਪੁਲਸ ਅਧਿਕਾਰੀਆਂ ਮੁਤਾਬਕ ਕਿ ਚਾਵਲਾ ਹਾਲੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ ਅਤੇ ਉਨ੍ਹਾ ਦੀ ਭਾਲ ਕੀਤੀ ਜਾ ਰਹੀ ਹੈ, ਦੂਸਰੇ ਪਾਸੇ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਚਾਵਲਾ ਨੇ ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਇਸ ਮਾਮਲੇ ਨੂੰ ‘ਝੂਠਾ, ਬੇਬੁਨਿਆਦ ਅਤੇ ਕਿਰਦਾਰਕੁਸ਼ੀ ਕਰਨ ਦੀ ਇੱਕ ਡੂੰਘੀ ਸਾਜ਼ਿਸ਼’ ਦੱਸਿਆ ਹੈ। ਉਨ੍ਹਾ ਕਿਹਾ ਕਿ ਉਹ ਨੈਤਿਕ ਆਧਾਰ ‘ਤੇ ਅਸਤੀਫਾ ਦੇ ਰਹੇ ਹਨ ਅਤੇ ਜਦੋਂ ਤੱਕ ਅਦਾਲਤ ਤੋਂ ਨਿਰਦੋਸ਼ ਸਾਬਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਵੀ ਜਨਤਕ ਅਹੁਦੇ ‘ਤੇ ਵਾਪਸ ਨਹੀਂ ਆਉਣਗੇ।





