ਰੂਪਨਗਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਐੱਫ.ਆਈ.ਆਰ. ਦਰਜ ਹੋਣ ਦੇ ਲਗਭਗ ਇੱਕ ਮਹੀਨੇ ਬਾਅਦ ਵੀ ਗ੍ਰਿਫ਼ਤਾਰੀ ਨਾ ਹੋਣ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਹ ਮਾਮਲਾ 21 ਅਗਸਤ ਨੂੰ ਥਾਣਾ ਆਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਗਿਆ ਸੀ ਪਰ ਰੂਪਨਗਰ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਹ ਮਾਮਲਾ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 64 (ਜਬਰ-ਜ਼ਨਾਹ), 127(2) (ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ ‘ਚ ਰੱਖਣਾ) ਅਤੇ 351(2) (ਧਮਕਾਉਣਾ) ਹੇਠ ਦਰਜ ਕੀਤਾ ਗਿਆ ਹੈ। ਜਾਂਚ ਸਹਾਇਕ ਸਬ-ਇੰਸਪੈਕਟਰ ਨੀਲਮ ਰਾਣੀ ਨੂੰ ਸੌਂਪੀ ਗਈ ਹੈ। ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤਾ ਨੇ ਆਪਣੀ ਸ਼ਿਕਾਇਤ ਵਿਚ 27 ਫ਼ਰਵਰੀ ਤੋਂ 19 ਅਗਸਤ ਦਰਮਿਆਨ ਸਰੀਰਕ ਸ਼ੋਸ਼ਣ ਅਤੇ ਧਮਕੀਆਂ ਦੇ ਦੋਸ਼ ਲਗਾਏ ਹਨ, ਜਿਸ ਵਿੱਚ ਆਨੰਦਪੁਰ ਸਾਹਿਬ ਦੇ ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ ਵਿਖੇ ਵਾਪਰੀ ਇੱਕ ਘਟਨਾ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਚਾਵਲਾ 14 ਅਪਰੈਲ ਨੂੰ ਹੀ ਕੈਨੇਡਾ ਚਲਾ ਗਿਆ ਸੀ, ਜਦੋਂ ਕਿ ਪੁਲੀਸ ਨੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।





