50 ਫ਼ੀਸਦੀ ਡੀ ਏ ‘ਤੇ ਰਾਜ਼ੀਨਾਮਾ

0
4

ਚੰਡੀਗੜ੍ਹ (ਸੁਰਜੀਤ ਸੁਮਨ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਂਝਾ ਮੁਲਾਜ਼ਮ ਮੰਚ, ਸਾਂਝੀ ਤਾਲਮੇਲ ਕਮੇਟੀ ਅਤੇ ਮੁਲਾਜ਼ਮ ਫਰੰਟ ਨਾਲ ਤੈਅ ਹੋਈ ਪਲੇਠੀ ਮੀਟਿੰਗ ਉਦੋਂ ਲਾਭਦਾਇਕ ਸਾਬਤ ਹੋਈ, ਜਦੋਂ ਦੋਹਾਂ ਧਿਰਾਂ ਵੱਲੋਂ ਵਿਚਾਰ-ਵਟਾਂਦਰੇ ਉਪਰੰਤ 8 ਫੀਸਦੀ ਮਹਿੰਗਾਈ ਭੱਤੇ ‘ਤੇ ਸਹਿਮਤੀ ਬਣੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ, ਪ੍ਰੰਤੂ ਮੀਟਿੰਗ ‘ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ।ਮੁਲਾਜ਼ਮ ਸਾਡੇ ਪਰਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਫੈਸਲਾ ਲਿਆ ਹੈ।ਇਹ ਵਾਧਾ 2 ਕਿਸ਼ਤਾਂ ਵਿਚ ਦਿੱਤਾ ਜਾਵੇਗਾ। ਪਹਿਲੀ ਕਿਸ਼ਤ ਅਕਤੂਬਰ ਦੀ ਤਨਖਾਹ ਨਾਲ ਮਿਲੇਗੀ। ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਜਿਵੇਂ ਓ.ਪੀ.ਐੱਸ., ਪ੍ਰੋਬੇਸ਼ਨ ਪੀਰੀਅਡ ਦੀ ਤਨਖਾਹ ਅਤੇ ਆਸ਼ਾ/ਮਿੱਡ ਡੇਅ ਮੀਲ ਵਰਕਰਾਂ ਦੇ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਰਾਣੇ ਮਸਲਿਆਂ ਦੇ ਪੱਕੇ ਹੱਲ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰਾਂਗੇ।ਸਾਡੀ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਕੋਈ ਦੂਰੀ ਨਹੀਂ ਹੈ, ਹਰ ਮਸਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਾਂਗੇ। ਪੰਜਾਬ ਦੀ ਤਰੱਕੀ ਲਈ ਅਸੀਂ ਸਾਰੇ ਰਲ-ਮਿਲ ਕੇ ਕੰਮ ਕਰਦੇ ਰਹਾਂਗੇ ਅਤੇ ਰੰਗਲਾ ਪੰਜਾਬ ਸਿਰਜਾਂਗੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਸਤੀਸ਼ ਅਤੇ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 8 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਸਵਾਗਤਯੋਗ ਹੈ, ਪਰੰਤੂ ਮਾਣਯੋਗ ਹਾਈਕੋਰਟ ਵਿੱਚ ਚੱਲ ਰਹੇ ਕੇਸ ਵਿੱਚ ਸਾਡੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੈਨਸ਼ਨਰਜ਼ ਦੇ 2.59 ਗੁਣਾਂਕ, 17.7.20 ਦੇ ਜਾਰੀ ਪੱਤਰ ਅਨੁਸਾਰ ਕੇਂਦਰੀ ਸਕੇਲ ਬਾਰੇ, ਤਿੰਨ ਸਾਲ ਦੇ ਪ੍ਰਬੋਸ਼ਨ ਪੀਰੀਅਡ, ਪੁਰਾਣੀ ਪੈਨਸ਼ਨ ਆਦਿ ਮੰਗਾਂ ਬਾਰੇ ਹਾਂ-ਪੱਖੀ ਹੁੰਗਾਰਾ ਭਰਿਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਜ਼ਮਾਂ ਦੀ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤਬਕੇ ਦੀ ਸਹਾਇਤਾ ਬਿਨਾਂ ਕੋਈ ਵੀ ਸਰਕਾਰ ਨਹੀਂ ਚੱਲ ਸਕਦੀ। ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ‘ਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ‘ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਹੋਰ ਅਧਿਕਾਰੀ, ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ, ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਭਜਨ ਸਿੰਘ ਗਿੱਲ, ਰਣਜੀਤ ਸਿੰਘ ਰਾਣਵਾਂ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂੰ, ਜਰਮਨ ਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਕੁਲਵਿੰਦਰ ਸਿੰਘ ਸ਼ਾਮਲ ਸਨ। ਮੁਲਾਜ਼ਮ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੂੰਹ ਮਿੱਠਾ ਵੀ ਕਰਵਾਇਆ।
ਮੁੱਖ ਮੰਤਰੀ ਨਾਲ ਹੋਈ ਮੀਟਿੰਗ ‘ਚ ਸਹਿਮਤੀ ਬਣਨ ਮਗਰੋਂ ਪੰਜਾਬ ‘ਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੱਜ ਸੁਖਾਵਾਂ ਅੰਤ ਹੋਇਆ ਹੈ।