ਚੰਡੀਗੜ੍ਹ; (ਗੁਰਜੀਤ ਬਿੱਲਾ, ਸੁਰਜੀਤ ਸੁਮਨ): ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਕਾਜ ਹੋਰ ਆਸਾਨ ਤੇ ਸੁਚਾਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।”ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਮੰਨੇ ਜਾਣ ‘ਤੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਪਟਵਾਰੀਆਂ ਦੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕਾਡਰ ਕਰਨ ਦੀ ਮੰਗ ਨੂੰ ਸਿਧਾਂਤਕ ਤੌਰ ‘ਤੇ ਮਨਜ਼ੂਰ ਕਰ ਲਿਆ ਹੈ।”




