ਚੰਡੀਗੜ੍ਹ (ਗੁਰਜੀਤ ਬਿੱਲਾ/ ਸੁਰਜੀਤ ਸੁਮਨ) : ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ ਏ) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਵਾਧਾ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਮਿਲੇਗਾ। ਪਹਿਲੀ ਕਿਸ਼ਤ ਸਤੰਬਰ ਦੀ ਤਨਖਾਹ ਨਾਲ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹਾਲ ਹੀ ਵਿੱਚ ਹੋਈ ਮੀਟਿੰਗ ਵਿਚ ਲਿਆ ਗਿਆ ਸੀ।




