ਨਿਰੰਜਨ ਸਿੰਘ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਲ

0
4

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਸ ਦੇ ਸਾਬਕਾ ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ ਬੁੱਧਵਾਰ ਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਨਿਰੰਜਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਹਾਲ ਬਹੁਤ ਹੀ ਚਿੰਤਾਜਨਕ ਬਣ ਚੁੱਕਾ ਹੈ। ਉਨ੍ਹਾ ਦੋਸ਼ ਲਾਇਆ ਕਿ ਸੂਬੇ ਵਿੱਚ ਡਰੱਗ ਮਾਫ਼ੀਆ ਪੁਲਸ ਅਤੇ ਰਾਜਸੀ ਆਗੂਆਂ ਦੀ ਛਤਰ-ਛਾਇਆ ਹੇਠ ਹੀ ਚੱਲ ਰਿਹਾ ਹੈ, ਜਿਸ ਵਿਰੁੱਧ ਪੂਰੇ ਜ਼ੋਰ ਨਾਲ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾ ਕਿਹਾ ਕਿ ਅੱਜ ਦੇ ਸਿਆਸੀ ਆਗੂ ਆਪਣੀ ਜ਼ਿੰਮੇਵਾਰੀ ਸਮਝਣ ਤੋਂ ਭੱਜ ਰਹੇ ਹਨ। ਚੋਣਾਂ ਸਮੇਂ ਉਹ ਲੋਕਾਂ ਦੇ ਸੇਵਕ ਬਣ ਕੇ ਆਉਂਦੇ ਹਨ, ਪਰ ਜਿੱਤਣ ਤੋਂ ਬਾਅਦ ਖ਼ੁਦ ਨੂੰ ਮਾਲਕ ਅਖਵਾਉਣ ਲੱਗ ਜਾਂਦੇ ਹਨ। ਰਾਜਸੀ ਆਗੂਆਂ ਦਾ ਅਜਿਹਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਿਰੰਜਨ ਸਿੰਘ ਨੇ ਆਖਿਆ ਕਿ ਆਪਣੀ ਨੌਕਰੀ ਦੌਰਾਨ ਵੀ ਉਨ੍ਹਾ ਨਸ਼ਿਆਂ ਖ਼ਿਲਾਫ਼ ਲੰਮੀ ਲੜਾਈ ਲੜੀ ਸੀ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੀ ਨਸ਼ਿਆਂ ਵਿਰੁੱਧ ਲਗਾਤਾਰ ਆਵਾਜ਼ ਚੁੱਕ ਰਹੀ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਪਹਿਲੇ ਦਿਨ ਤੋਂ ਹੀ ਨਸ਼ਾ ਮੁਕਤੀ ਲਈ ਯਤਨਸ਼ੀਲ ਹੈ ਅਤੇ ਇਹ ਲੜਾਈ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖ਼ਾਤਮਾ ਹੋਣ ਤੱਕ ਜਾਰੀ ਰਹੇਗੀ।