ਚੰਡੀਗੜ੍ਹ (ਗੁਰਜੀਤ ਬਿਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਵਉੱਚ ਪਵਿੱਤਰਤਾ ਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਕਟ ਦੇ ਉਪਬੰਧਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸੰਬੰਧਤ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕਰੇਗੀ।ਇਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਐੱਸ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ|




